ਦਵਿੰਦਰ ਪਾਲ
ਚੰਡੀਗੜ੍ਹ, 2 ਫਰਵਰੀ
ਕੇਂਦਰੀ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਤਹਿਤ ਪੰਜਾਬ ਵਿੱਚ ਅੱਜ ਵੀ 400 ਤੋਂ ਵੱਧ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਦੇ ਧਰਨੇ ਜਾਰੀ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 28 ਜਨਵਰੀ ਤੋਂ ਕਿਸਾਨਾਂ ਦੇ ਕਾਫਲੇ ਲਗਾਤਾਰ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਬੂਟਾ ਸਿੰਘ ਬੁਰਜ ਗਿੱਲ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਤੋਂ ਬਾਹਰ ਵੀ ਕਿਸਾਨਾਂ ਵਿੱਚ ਰੋਹ ਤਿੱਖਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੀਆਂ ਹੋ ਰਹੀਆਂ ਮਹਾਂ ਪੰਚਾਇਤਾਂ ਅਤੇ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲਿਆਂ ਨੇ ਸਿੱਧ ਕਰ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਚਾਰ ਮਹੀਨਿਆਂ ਤੋਂ ਚੱਲ ਰਿਹਾ ਅੰਦੋਲਨ ਇਸ ਸਮੇਂ ਅਹਿਮ ਦੌਰ ਵਿੱਚ ਸ਼ਾਮਲ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕੇਂਦਰੀ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਸਾਨੀ ਘੋਲ ਦੀ ਮਜ਼ਬੂਤੀ ਲਈ ਰੋਜ਼ਾਨਾ ਕਿਸਾਨ-ਮਜ਼ਦੂਰਾਂ ਨੂੰ ਦਿੱਲੀ ਭੇਜਣ, ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਰੋਸ ਹਫ਼ਤਾ ਜਾਰੀ ਰੱਖਣ ਅਤੇ 6 ਫਰਵਰੀ ਨੂੰ ਪੂਰੇ ਦੇਸ਼ ਵਿੱਚ ਤਿੰਨ ਘੰਟੇ ਆਵਾਜਾਈ ਠੱਪ ਕਰਨ ਦਾ ਫ਼ੈਸਲਾ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ 400 ਤੋਂ ਵੱਧ ਪਿੰਡਾਂ ਵਿੱਚ ਕੀਤੇ ਗਏ ਰੋਸ ਮੁਜ਼ਾਹਰਿਆਂ ਦੌਰਾਨ ਹਜ਼ਾਰਾਂ ਕਿਸਾਨਾਂ, ਔਰਤਾਂ, ਨੌਜਵਾਨਾਂ ਤੇ ਬੱਚਿਆਂ ਨੇ ਹਿੱਸਾ ਲਿਆ ਅਤੇ 10 ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ-ਮਜ਼ਦੂਰ ਦਿੱਲੀ ਵੱਲ ਰਵਾਨਾ ਹੋਏ ਹਨ। ਕਿਸਾਨ ਆਗੂਆਂ ਨੇ ਥਾਂ-ਥਾਂ ਸੰਬੋਧਨ ਕਰਦਿਆਂ ਕੇਂਦਰੀ ਬਜਟ ਨੂੰ ਕਿਸਾਨ ਵਿਰੋਧੀ ਦੱਸਿਆ। ਬੁਲਾਰਿਆਂ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਦਾ ਜੁਝਾਰੂ ਏਕਾ ਹੀ ਸਰਕਾਰ ਦੇ ਜਾਬਰ ਹੱਲੇ ਨੂੰ ਪਛਾੜ ਰਿਹਾ ਹੈ। ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਡਟੇ ਹੋਏ ਕਿਸਾਨਾਂ ਉੱਪਰ ਸਰਕਾਰ ਵੱਲੋਂ ਮੁੜ ਟਕਰਾਅ ਦੀ ਸਥਿਤੀ ਬਣਾਈ ਜਾ ਸਕਦੀ ਹੈ। ਇਸ ਲਈ ਹਰ ਰੋਜ਼ ਕਿਸਾਨਾਂ ਦੇ ਕਾਫਲੇ ਦਿੱਲੀ ਭੇਜੇ ਜਾ ਰਹੇ ਹਨ। ਸਰਕਾਰੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਖਾਲਿਸਤਾਨੀ ਜਾਂ ਹੋਰ ਫਿਰਕਾਪ੍ਰਸਤ ਤੱਤਾਂ ਨਾਲੋਂ ਵੀ ਮੁਕੰਮਲ ਨਿਖੇੜਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ 26 ਜਨਵਰੀ ਨੂੰ ਸ਼ਾਂਤਮਈ ਕਿਸਾਨ ਘੋਲ ਨੂੰ ਬਦਨਾਮ ਕਰਨ ਲਈ ਰਾਜਨੀਤਕ ਆਗੂਆਂ ਵੱਲੋਂ ਗੁਮਰਾਹ ਕੀਤੇ ਗਏ ਨੌਜਵਾਨਾਂ ਰਾਹੀਂ ਲਾਲ ਕਿਲ੍ਹੇ ‘ਤੇ ਕੇਸਰੀ ਝੰਡੇ ਲਹਿਰਾਏ ਗਏ। ਇਸ ਮਗਰੋਂ ਲਗਪਗ 200 ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਅਤੇ 50 ਟਰੈਕਟਰ ਜ਼ਬਤ ਕੀਤੇ ਗਏ। ਅਗਲੇ ਦਿਨਾਂ ‘ਚ ਪੁਲੀਸ ਦੀ ਸ਼ਹਿ ਨਾਲ ਮੋਰਚਿਆਂ ਵਿੱਚ ਸ਼ਾਂਤਮਈ ਬੈਠੇ ਕਿਸਾਨਾਂ ‘ਤੇ ਹਮਲੇ ਕਰਵਾਏ ਗਏ ਪਰ ਕਿਸਾਨਾਂ ਨੇ ਇਸ ਦਾ ਸ਼ਾਂਤੀ ਨਾਲ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਯੂਪੀ ਅਤੇ ਹਰਿਆਣੇ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਹਨ।
ਰੇਲਾਂ ਰਾਹੀਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਖੱਜਲ ਕਰਨ ਦੀ ਨਿਖੇਧੀ
ਰੇਲਾਂ ਰਾਹੀਂ ਦਿੱਲੀ ਜਾ ਰਹੇ ਕਿਸਾਨਾਂ ਨੂੰ ਖੱਜਲ ਕਰਨ ਲਈ ਰੋਹਤਕ ਤੋਂ ਅੱਗੇ ਬਦਲੇ ਗਏ ਰੂਟ ਦੀ ਨਿਖੇਧੀ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਨੂੰ ਆਪਣੇ ਵਾਹਨਾਂ ਰਾਹੀਂ ਹੀ ਦਿੱਲੀ ਜਾਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਵਾਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਗਲਤ ਅਨਸਰਾਂ ਨੂੰ ਮੋਰਚੇ ਵਾਲੀ ਥਾਂ ਤੋਂ ਦੂਰ ਰੱਖਿਆ ਜਾਵੇ। ਇਸ ਸਾਜ਼ਿਸ਼ੀ ਅਤੇ ਜਾਬਰ ਹੱਲੇ ਵਿਰੁੱਧ ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ, ਟੌਲ ਪਲਾਜ਼ਿਆਂ, ਵੱਡੇ ਸ਼ਾਪਿੰਗ ਮਾਲਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ 42 ਥਾਵਾਂ ‘ਤੇ ਚੱਲ ਰਹੇ ਪੱਕੇ ਮੋਰਚੇ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਪਿੰਡਾਂ-ਸ਼ਹਿਰਾਂ ਵਿੱਚ ਹਰ ਕਿਰਤੀ ਪਰਿਵਾਰ ਨੂੰ ਦਿੱਲੀ ਸੰਘਰਸ਼ ਵਿੱਚ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।