ਸੋਸ਼ਲ ਮੀਡੀਆ ਕਾਨੂੰਨ ਰਾਹੀਂ ਜਮਹੂਰੀਅਤ ਦੀ ਸੰਘੀ ਘੁੱਟਣ ਦੀ ਕੋਸ਼ਿਸ਼: ਭਗਵੰਤ ਮਾਨ


ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਫਰਵਰੀ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਸੋਸ਼ਲ ਮੀਡੀਆ ‘ਤੇ ਬੰਦਿਸ਼ਾਂ ਲਗਾ ਕੇ ਲੋਕਤੰਤਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤਾਨਾਸ਼ਾਹ ਤਰੀਕੇ ਨਾਲ ਦੇਸ਼ ਵਿੱਚ ਸ਼ਾਸਨ ਚਲਾ ਕਰ ਰਹੇ ਹਨ।

ਵਿਰੋਧ ਦੀ ਆਵਾਜ਼ ਦਬਾਉਣ ਲਈ ਉਹ ਹਰ ਤਰ੍ਹਾਂ ਦੇ ਹੱਥਕੰਢੇ ਵਰਤ ਰਹੇ ਹਨ ਅਤੇ ਵਿਰੋਧ ਕਰਨ ਵਾਲੇ ਲੋਕਾਂ ਉੱਤੇ ਝੂਠੇ ਮੁਕਦਮੇ ਦਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਕਿ ਇਸ ਕਾਨੂੰਨ ਰਾਹੀਂ ਫਰਜ਼ੀ ਖਬਰਾਂ ਅਤੇ ਦੇਸ਼ ਵਿਰੋਧੀ ਸਮੱਗਰੀ ਉੱਤੇ ਲਗਾਮ ਲਗਾਈ ਜਾਵੇਗੀ ਪਰ ਅਸਲ ਵਿੱਚ ਮੋਦੀ ਸਰਕਾਰ ਇਸ ਕਾਨੂੰਨ ਰਾਹੀਂ ਆਪਣੀਆਂ ਨੀਤੀਆਂ ਅਤੇ ਵਿਚਾਰਧਾਰਾਂ ਨਾਲ ਅਸਹਿਮਤੀ ਰੱਖਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।

‘ਕਾਂਗਰਸੀਆਂ ਨੇ ਮੰਨਿਆ ਕਿ ਕੈਪਟਨ ਸਰਕਾਰ ਨਿਕੰਮੀ’

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ‘ਤੇ ਕੰਮ ਨਾ ਕਰਨ ਦੇ ਚੁੱਕੇ ਸਵਾਲਾਂ ਨੈ ਕੈਪਟਨ ਦੀ ਅਸਲੀਅਤ ਸਾਹਮਣੇ ਲਿਆ ਦਿੱਤਾ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦਾ ਹਰ ਤਬਕਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਅਹਿਮ ਜ਼ਿੰਮੇਵਾਰੀ ਕੁਰਸੀ ‘ਤੇ ਬੈਠ ਕੇ ਵਰਤੀ ਜਾ ਰਹੀ ਅਣਗਹਿਲੀ ਤੋਂ ਦੁਖੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਦੇ ਕਈ ਵਿਧਾਇਕ ਤੇ ਆਗੂ ਨੱਥੂ ਰਾਮ, ਸ਼ਮਸ਼ੇਰ ਸਿੰਘ ਦੂੱਲੋ, ਪ੍ਰਤਾਪ ਸਿੰਘ ਬਾਜਵਾ ਵਰਗੇ ਰੌਲਾ ਪਾਉਂਦੇ ਰਹੇ ਪਰ ਕੈਪਟਨ ਨੇ ਉਨ੍ਹਾਂ ਦੀ ਵੀ ਨਾ ਸੁਣੀ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਨ ਸਭਾ ਵਿੱਚ ਮਸਲਾ ਚੁੱਕਣ ਦੇ ਬਾਵਜੂਦ ਕੈਪਟਨ ਨੇ ਲੋਕਾਂ ਲਈ ਕੁਝ ਨਹੀਂ ਕੀਤਾ।Source link