ਆਤਿਸ਼ ਗੁਪਤਾ
ਚੰਡੀਗੜ੍ਹ, 1 ਮਾਰਚ
ਪੰਜਾਬ ਕਾਂਗਰਸ ਨੇ ਦੇਸ਼ ਵਿੱਚ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਰਾਜਭਵਨ ਦੇੇ ਘਿਰਾਉ ਲਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਕਾਂਗਰਸੀ ਆਗੂ ਪੰਜਾਬ ਐਮਐਲਏ ਹੋਸਟਲ ਅੱਗੇ ਇਕੱਠੇ ਹੋਏ ਤੇ ਰੋਸ ਪ੍ਰਦਰਸ਼ਨ ਕਰਦਿਆਂ ਅੱਗੇ ਵਧਣ ਲੱਗੇ ਜਿਨ੍ਹਾਂ ਨੂੰ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕ ਦਿੱਤਾ। ਸੁਨੀਲ ਜਾਖੜ ਨੇ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਸੋਚ ਦੀ ਨਿੰਦਾ ਕੀਤੀ। ਇਸ ਮੌਕੇ ਕਾਂਗਰਸੀਆਂ ਨੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪਾਸ ਕੀਤਾ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।