ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ


ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਮਾਰਚ

ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਘੋਲ ਨੂੰ ਰਫ਼ਤਾਰ ਦੇਣ ਤੇ ਮੋਦੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਪਾਜ ਉਧੇੜਨ ਲਈ ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵੱਲੋਂ ਅੱਜ ਕੋਲਕਾਤਾ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਰੈਲੀ ਨੂੰ ਮੁੱਖ ਬੁਲਾਰੇ ਵਜੋਂ ਸੰਬੋਧਨ ਕੀਤਾ। ‘ਭਾਰਤ ਦੇ ਸੰਵਿਧਾਨ ਤੇ ਪੱਛਮੀ ਬੰਗਾਲ ਨੂੰ ਫ਼ਾਸ਼ੀਵਾਦੀ ਤਾਕਤਾਂ ਤੋਂ ਬਚਾਉਣ’ ਦੇ ਬੈਨਰ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਤੇ ਬੰਗਾਲ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਨੇ ਲੜਾਈ ਸ਼ੁਰੁੂ ਕੀਤੀ ਹੈ, ਜੋ ਹੌਲੀ ਹੌਲੀ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੂੰ ਵੀ ਇਸ ਲੜਾਈ ਵਿੱਚ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੇ ਇਹ ਖੇਤੀ ਕਾਨੂੰਨ ਸਿਰਫ ਕਿਸਾਨਾਂ ਖਿਲਾਫ਼ ਨਹੀਂ ਬਲਕਿ ਹਰ ਉਸ ਵਿਅਕਤੀ ਖਿਲਾਫ਼ ਹਨ, ਜਿਸ ਨੇ ਰੋਟੀ ਖਾਣੀ ਹੈ। ਕਿਸਾਨ ਆਗੂ ਨੇ ਕਿਹਾ ਕਿ ਇਹ ਕਾਨੂੰਨ ਜਨਤਕ ਵੰਡ ਪ੍ਰਣਾਲੀ ਰਾਹੀਂ ਦੇਸ਼ ਦੀ 67 ਫੀਸਦੀ ਆਬਾਦੀ ਨੂੰ ਮਿਲ ਰਹੇ ਸਸਤੇ ਰਾਸ਼ਨ ਨੂੰ ਬੰਦ ਕਰ ਦੇਣਗੇ, ਜਿਸ ਨਾਲ ਕਰੋੜਾਂ ਲੋਕ ਭੁੱਖੇ ਮਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਕਰਾਰ ਦਿੱਤਾ। ਇਹ ਕਾਨੂੰਨ ਸਮੁੱਚੀ ਖੇਤੀ ਤੇ ਖੁਰਾਕ ਨੂੰ ਕਾਰਪੋਰੇਟ ਦੇ ਹੱਥ ਦੇ ਰਹੇ ਹਨ। ਇਸ ਮੌਕੇ ਅਭਿਜੀਤ, ਸੁਜਾਤੂ ਭਦਰਾ, ਅਬਦੁਲ ਰਫੀਕ, ਪੋਤੁਲ ਮੁਖਰਜੀ, ਸ਼ਕਤੀਮਾਨ ਘੋਸ਼, ਅਸ਼ੋਕ ਸੇਨ ਗੁਪਤਾ, ਪ੍ਰਸੂਨ ਭੌਮਿਕ, ਸ਼ਿਵਸ਼ੰਕਰ ਦਾਸ ਆਦਿ ਨੇ ਵੀ ਸੰਬੋਧਨ ਕੀਤਾ।Source link