ਖੇਤੀ ਕਾਨੂੰਨ: ਚੱਪੜਚਿੜੀ ਜੰਗੀ ਯਾਦਗਾਰ ਨੇੜੇ ਕਿਸਾਨ ਮਹਾਸਭਾ ’ਚ ਵੱਡਾ ਇਕੱਠ


ਦਰਸ਼ਨ ਸਿੰਘ ਸੋਢੀ

ਮੁਹਾਲੀ, 7 ਮਾਰਚ

ਨੌਜਵਾਨ ਕਿਸਾਨ ਏਕਤਾ ਮੁਹਾਲੀ ਵੱਲੋਂ ਐਤਵਾਰ ਨੂੰ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਦੇ ਕ੍ਰਿਕਟ ਮੈਦਾਨ (ਨੇੜੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ) ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਹਾ ਸਭਾ ਕਰਵਾਈ ਗਈ। ਇਸ ਵਿੱਚ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਕਿਸਾਨ ਵੈੱਲਫੇਅਰ ਸੁਸਾਇਟੀ ਪੰਜਾਬ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ, ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਬਾਬਾ ਗਾਜ਼ੀਦਾਸ ਜੀ ਕਲੱਬ, ਯੂਨਾਈਟਿਡ ਸਿੱਖ, ਪੌੜੀਵਾਦੀ ਮੰਚ, ਬਾਜਵਾ ਡਿਵੈਲਪਰਜ਼, ਮੁਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਨਾਨਕ ਹੱਟ ਵਰਗੇ ਸਮਾਜਿਕ ਸੰਗਠਨਾਂ ਦੇ ਕਾਰਕੁਨਾਂ ਸਮੇਤ ਇਲਾਕੇ ਦੇ ਕਿਸਾਨਾਂ ਨੇ ਹਾਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ। ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਆਗੂ ਕਨੂ ਪ੍ਰਿਆ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੱਥਰਾਂ ਦਾ ਸ਼ਹਿਰ ਕਿਹਾ ਜਾਂਦਾ ਹੈ ਪ੍ਰੰਤੂ ਇੱਥੋਂ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਹੋ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ। ਨੌਜਵਾਨ ਕਿਸਾਨ ਏਕਤਾ ਦੇ ਆਗੂਆਂ ਪ੍ਰਨੀਤ ਸਿੰਘ, ਹਰਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਮਹਾ ਸਭਾ ਕਰਵਾਈ। ਇਸ ਸਬੰਧੀ ਉਨ੍ਹਾਂ ਕਿਸਾਨਾਂ ਅਤੇ ਨੌਜਵਾਨਾਂ ਅਤੇ ਬੀਬੀਆਂ ਦੀ ਲਾਮਬੰਦੀ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਹਨ।

ਖ਼ਬਰ ਲਿਖੇ ਜਾਣ ਤੱਕ ਕਿਸਾਨ ਮਹਾਂ ਸਭਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੇ ਆਉਣ ਦਾ ਇੰਤਜ਼ਾਰ ਹੋ ਰਿਹਾ ਸੀ। ਜਦੋਂਕਿ ਬਲਦੇਵ ਸਿੰਘ ਸਿਰਸਾ, ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਅਤੇ ਅੰਤਰਰਾਸ਼ਟਰੀ ਪੁਆਧੀ ਸਭਾ ਦੇ ਕਾਰਕੁਨ ਗੁਰਪ੍ਰੀਤ ਸਿੰਘ ਨਿਆਮੀਆਂ, ਜੋਰਾ ਸਿੰਘ ਭੁੱਲਰ ਚੱਪੜਚਿੜੀ, ਕੁਲਵੰਤ ਸਿੰਘ ਤ੍ਰਿਪੜੀ, ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ ਸਮੇਤ ਹੋਰ ਪ੍ਰਮੱਖ ਆਗੂ ਮੰਚ ‘ਤੇ ਅਤੇ ਪੰਡਾਲ ਵਿੱਚ ਸਨ।Source link