ਨਵੀਂ ਦਿੱਲੀ, 28 ਮਾਰਚ
ਕਾਂਗਰਸ ਨੇ ਭਾਜਪਾ ਵੱਲੋਂ ਅਸਾਮ ਦੇ ਉਪਰਲੇ ਹਿੱਸੇ ਦੀਆਂ ਸੀਟਾਂ ਜਿੱਤਣ ਦੇ ਦਾਅਵੇ ਸਬੰਧੀ ਇਸ਼ਤਿਹਾਰਬਾਜ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਕਾਂਗਰਸ ਨੇ ਇਸ ਨੂੰ ਲੋਕਾਂ ਦੇ ਨੁਮਾਇੰਦਿਆਂ ਸਬੰਧੀ ਕਾਨੂੰਨ ਦੀ ਉਲੰਘਣਾ ਕਰਾਰ ਦਿੰਦਿਆਂ ਚੋਣ ਕਮਿਸ਼ਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਖ਼ਿਲਾਫ਼ ਕੇਸ ਦਰਜ ਕਰਨ ਦੀ ਅਪੀਲ ਕੀਤੀ। ਕਾਂਗਰਸ ਆਗੂ ਰਣਦੀਪ ਸੁਰਜੇਵਾਲਾ, ਅਜੇ ਮਾਕਨ ਅਤੇ ਮੁਕਲ ਵਾਸਨਿਕ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਅਸਾਮ ਦੇ ਉਪਰਲੇ ਹਿੱਸੇ ਦੀਆਂ ਸੀਟਾਂ ‘ਤੇ ਜਿੱਤ ਦਰਜ ਕਰਨ ਸਬੰਧੀ ਪ੍ਰਿੰਟ ਮੀਡੀਆ ਨੂੰ ਦਿੱਤੀ ਗਈ ਇਸ਼ਤਿਹਾਰਬਾਜ਼ੀ ਲਈ ਭਾਜਪਾ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਅਸਾਮ ਵਿਧਾਨ ਸਭਾ ਚੋਣਾਂ ਤਿੰਨ ਗੇੜ ਵਿੱਚ ਹੋ ਰਹੀਆਂ ਹਨ। ਪਹਿਲੇ ਗੇੜ ਲਈ ਵੋਟਿੰਗ 27 ਮਾਰਚ ਨੂੰ ਹੋਈ ਹੈ।