ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਜਿਣਸਾਂ ਦੀ ਸਿੱਧੀ ਅਦਾਇਗੀ ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਦੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੇ ਨਾਲ ਹੈ। ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਵਰਚੁਅਲ ਮੀਟਿੰਗ ਦੌਰਾਨ ਕਿਹਾ ਕਿ ਆੜ੍ਹਤੀ ਖਰੀਦ ਪ੍ਰਣਾਲੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਕੇਂਦਰ ਨਾਲ ਲੜਾਈ ਵਿੱਚ ਪੂਰੀ ਤਰ੍ਹਾਂ ਆੜ੍ਹਤੀਆਂ ਦੇ ਨਾਲ ਖੜ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਅਦਾਇਗੀ ਕਰਨ ਦੀ ਸਥਾਪਤ ਪ੍ਰਣਾਲੀ ਨੂੰ ਤਬਾਹ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਖਿਲਾਫ ਲੜਾਈ ਲੜੇਗੀ। ਅਮਰਿੰਦਰ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਬਣੇ ਰਹਿਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਆੜ੍ਹਤੀਆਂ ਦੇ ਸੂਬਾ ਸਰਕਾਰ ਵੱਲ ਬਕਾਇਆ 131 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ।