‘ਆਪ’ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

‘ਆਪ’ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ


ਨਿੱਜੀ ਪੱਤਰ ਪ੍ਰੇਰਕ

ਮੰਡੀ ਗੋਬਿੰਦਗੜ੍ਹ, 17 ਅਪਰੈਲ

ਪੰਜਾਬ ਵਿੱਚ ਵੱਧ ਰਹੇ ਬਿਜਲੀ ਦੇ ਬਿੱਲਾਂ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਤਹਿਤ ਅੱਜ ਪਿੰਡ ਲਾਡਪੁਰ ਵਿਚ ਬਿਜਲੀ ਦੇ ਬਿਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਹਲਕਾ ਅਮਲੋਹ ਦੇ ਸੀਨੀਅਰ ਆਗੂ ਐਡਵੋਕੇਟ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਅਮਲੋਹ, ਮੰਡੀ ਗੋਬਿੰਦਗੜ੍ਹ ਅਤੇ ਪਿੰਡਾਂ ਵਿੱਚ ਬਿਜਲੀ ਦੇ ਬਿੱਲਾਂ ਨੂੰ ਸਾੜ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕਾਂ ਨੂੰ ਸਰਕਾਰ ਖਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ।

ਪਿੰਡ ਲਾਡਪੁਰ ਵਿੱਚ ਐਡਵੋਕੇਟ ਹਰੀਪੁਰ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਇਹ ਕਿਉਂ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਦੇ ਲੋਕਾਂ ਨੂੰ ਦਿੱਲੀ ਸਰਕਾਰ ਦੀ ਤਰਜ਼ ‘ਤੇ ਸਹੂਲਤਾਂ ਦਿੱਤੀਆਂ ਜਾਣਗੀਆਂ।



Source link