ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਅਪਰੈਲ
ਕਰੋਨਾ ਦੇ ਮੁੜ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸੰਖੇਪ ਕਰ ਦਿੱਤਾ ਹੈ। ਇਨ੍ਹਾਂ ਵਿਚ ਹੁਣ ਸੰਗਤ ਦੀ ਵੱਡੀ ਸ਼ਮੂਲੀਅਤ ਨਹੀਂ ਹੋਵੇਗੀ।
ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਭਾਈ ਗੁਰਦਾਸ ਜੀ ਨਗਰ, ਨਿਊ ਅੰਮ੍ਰਿਤਸਰ ਵਿੱਚ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਕਰੋਨਾ ਦੇ ਮੁੜ ਵਧ ਰਹੇ ਪ੍ਰਭਾਵ ਕਾਰਨ ਸਮਾਗਮ ਹੁਣ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਹੀ ਕੀਤੇ ਜਾਣਗੇ। ਇਹ ਫ਼ੈਸਲਾ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਮਗਰੋਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਸੀ ਪਰ ਕਰੋਨਾ ਕਾਰਨ ਸੰਗਤ ਦਾ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਇਸ ਸਬੰਧੀ ਸਮਾਗਮ ਨਿਰੰਤਰ ਜਾਰੀ ਹਨ।
ਇਸੇ ਦੌਰਾਨ ਉਨ੍ਹਾਂ ਮੁਕੇਰੀਆਂ ਦੇ ਪਿੰਡ ਪੰਡੋਰੀ ਵਿੱਚ ਭਗਤ ਰਵਿਦਾਸ ਜੀ ਦੇ ਅਸਥਾਨ ‘ਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉੱਥੇ ਸਥਾਪਿਤ ਫੋਟੋਆਂ ਅਤੇ ਹੋਰ ਸਾਮਾਨ ਧੱਕੇ ਨਾਲ ਚੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਨੇ ਅੱਜ ਚਾਟੀਵਿੰਡ ਗੇਟ ਸਥਿਤ ਗੁਰੂ ਰਾਮਦਾਸ ਹਸਪਤਾਲ ਕਰੋਨਾ ਮਰੀਜ਼ਾਂ ਲਈ ਸਮਰਪਿਤ ਕਰ ਦਿੱਤਾ ਹੈ। ਇਥੇ ਹੁਣ ਕਰੋਨਾ ਮਰੀਜ਼ਾਂ ਲਈ 40 ਦੀ ਥਾਂ 100 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ, ਗੁਰੂ ਰਾਮਦਾਸ ਹਸਪਤਾਲ ਨੇੜੇ ਚਾਟੀਵਿੰਡ ਗੇਟ, ਬਾਬਾ ਬੁੱਢਾ ਜੀ ਹਸਪਤਾਲ ਬੀੜ ਸਾਹਿਬ ਅਤੇ ਫੁਹਾਰਾ ਚੌਕ ਅੰਮ੍ਰਿਤਸਰ ਵਿੱਚ ਟੀਕਾਕਰਨ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ। ਅੰਤ ਵਿੱਚ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਬਾਬਾ ਬੂਟਾ ਸਿੰਘ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਦੇਹਾਂਤ ‘ਤੇ ਦੁੱਖ ਸਾਂਝਾ ਕੀਤਾ।
ਦਿੱਲੀ ਕਮੇਟੀ ਚੋਣਾਂ ਬਾਰੇ ਦੋਹਰੇ ਮਾਪਦੰਡ ਅਪਣਾ ਰਿਹੈ ਕੇਂਦਰ: ਜਥੇਦਾਰ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਰੱਦ ਕਰਨ ਦੇ ਮਾਮਲੇ ‘ਚ ਕੇਂਦਰ ਸਰਕਾਰ ‘ਤੇ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਇੱਥੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਥਾ ਕੀਤੀ। ਗੁਰਦੁਆਰਾ ਸ਼ਹੀਦਾਂ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਇੱਕ ਪਾਸੇ ਬੰਗਾਲ ਤੇ ਹੋਰ ਸੂਬਿਆਂ ਵਿੱਚ ਚੋਣਾਂ ਚੱਲ ਰਹੀਆਂ ਹਨ ਪਰ ਦਿੱਲੀ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਕਰੋਨਾ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਕਰੋਨਾ ਸਬੰਧੀ ਕੇਂਦਰ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਬਾਰੇ ਵੀ ਕੇਂਦਰ ਸਰਕਾਰ ਸੁਹਿਰਦ ਨਹੀਂ ਹੈ।
‘ਕਰੋਨਾ ਦੀ ਰੋਕਥਾਮ ‘ਤੇ ਕੀਤੇ ਖਰਚੇ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਸਰਕਾਰ’
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਕਾਂਗਰਸ ਸਰਕਾਰ ਕਰੋਨਾ ਦੇ ਟਾਕਰੇ ਲਈ ਖਰਚੇ 1000 ਕਰੋੜ ਰੁਪਏ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਰਾਸ਼ੀ ਕਿੱਥੇ ਤੇ ਕਿਵੇਂ ਖਰਚੀ, ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਜ਼ਮੀਨੀ ਪੱਧਰ ‘ਤੇ ਕੁਝ ਵੀ ਹੋਇਆ ਨਹੀਂ ਦਿਸ ਰਿਹਾ। ਕਰੋਨਾ ਨਾਲ ਨਜਿੱਠਣ ਵਾਸਤੇ 1000 ਕਰੋੜ ਰੁਪਏ ਖਰਚਣ ਨੂੰ ਵੱਡਾ ਘੁਟਾਲਾ ਕਰਾਰ ਦਿੰਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਤੋਂ ਇਸ ਘੁਟਾਲੇ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਕੋਈ ਤਬਦੀਲੀ ਹੋਈ ਨਜ਼ਰ ਨਹੀਂ ਆ ਰਹੀ। ਮੁੱਖ ਮੰਤਰੀ ਆਪਣੇ ਫਾਰਮ ਹਾਊਸ ‘ਤੇ ਆਰਾਮ ਫਰਮਾ ਰਹੇ ਹਨ ਜਦਕਿ ਸੂਬੇ ਦੇ ਲੋਕ ਸਹੂਲਤਾਂ ਨਾ ਮਿਲਣ ਵਾਲੇ ਮਾਹੌਲ ਨਾਲ ਟੱਕਰਾਂ ਮਾਰ ਰਹੇ ਹਨ।