ਮੋਗਾ: ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਤਸ਼ੱਦਦ ਦਾ ਸ਼ਿਕਾਰ ਕਿਸਾਨਾਂ ਦੇ ਬਿਆਨ ਕਲਮਬੰਦ

ਮੋਗਾ: ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਤਸ਼ੱਦਦ ਦਾ ਸ਼ਿਕਾਰ ਕਿਸਾਨਾਂ ਦੇ ਬਿਆਨ ਕਲਮਬੰਦ
ਮੋਗਾ: ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਤਸ਼ੱਦਦ ਦਾ ਸ਼ਿਕਾਰ ਕਿਸਾਨਾਂ ਦੇ ਬਿਆਨ ਕਲਮਬੰਦ


ਮਹਿੰਦਰ ਸਿੰਘ ਰੱਤੀਆਂ

ਮੋਗਾ, 3 ਜੂਨ

ਇਥੇ ਪੰਜਾਬ ਵਿਧਾਨ ਸਭਾ ਕਮੇਟੀ ਨੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਛੇ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਕਿਸਾਨਾਂ ਦੇ ਬਿਆਨ ਦਰਜ ਕੀਤੇ। ਇਸ ਮੌਕੇ ਕਮੇਟੀ ਮੁਖੀ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਆਗੂ ਸਰਵਜੀਤ ਕੌਰ ਮਾਣੂੰਕੇ ਅਤੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਚੰਡੀਗੜ੍ਹ ਤੇ ਲੁਧਿਆਣਾ ਵਿਖੇ ਤਸ਼ੱਦਦ ਦਾ ਸ਼ਿਕਾਰ ਕਿਸਾਨਾਂ ਨਾਲ ਮੁਲਾਕਾਤ ਦੌਰਾਨ ਦਿੱਲੀ ਤੇ ਹਰਿਆਣਾ ਪੁਲੀਸ ਵੱਲੋਂ ਦਿਲ ਕੰਬਾਊ ਤਸ਼ੱਦਦ ਕਰਨ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੀ ਅਗਲੀ ਮੀਟਿੰਗ 10 ਜੂਨ ਨੂੰ ਬਠਿੰਡਾ ਸਰਕਟ ਹਾਊਸ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੀ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੇ ਦੋ ਮੈਂਬਰ ਫਤਹਿ ਜੰਗ ਸਿੰਘ ਬਾਜਵਾ ਅਤੇ ਕੁਲਬੀਰ ਸਿੰਘ ਜ਼ੀਰਾ ਕਿਸੇ ਕਾਰਨ ਨਹੀਂ ਆ ਸਕੇ।

ਕਮੇਟੀ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰੇਗੀ ਅਤੇ ਦਿੱਲੀ ਤੇ ਹਰਿਆਣਾ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤਾਂ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਪੀੜਤਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ। ਵਿਧਾਇਕਾਂ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲੀਸ ਵੱਲੋਂ ਕੀਤੇ ਜਬਰ ਬਾਰੇ ਬਿਆਨ ਦਰਜ ਕਰਾਉਣਾ ਚਾਹੁੰਦਾ ਹੈ, ਉਹ 97791-11022 ਅਤੇ 80544-95901 ‘ਤੇ ਸੰਪਰਕ ਕਰ ਸਕਦਾ ਹੈ। ਇਸ ਦੌਰਾਨ ਕਾਫ਼ੀ ਕਿਸਾਨਾਂ ਨੇ ਅੰਦੋਲਨ ਦੌਰਾਨ ਹੋਈਆਂ ਵਧੀਕੀਆਂ ਬਾਰੇ ਕਮੇਟੀ ਮੈਂਬਰਾਂ ਨੂੰ ਦੱਸਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਸੂਬੇ ਦੇ ਵਧੀਕ ਸਕੱਤਰ ਗ੍ਰਹਿ ਵਿਭਾਗ ਬਲਦੀਪ ਕੌਰ, ਐੱਸਪੀ (ਡੀ) ਅਜੀਤਗੜ੍ਹ ਹਰਮਨਜੀਤ ਸਿੰਘ ਹਾਂਸ ਮੌਜੂਦ ਸਨ।Source link