ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਟਾਲ-ਮਟੋਲ ਤੇ ਪੁਰਾਣਾ ਰਾਗ ਅਲਾਪਣ ਦੀ ਥਾਂ ਤੁਰੰਤ ਸੰਘਰਸ਼ਸ਼ੀਲ ਕਿਸਾਨਾਂ ਨਾਲ ਗੱਲਬਾਤ ਕਰਨ। ਅਕਾਲੀ ਦਲ ਪ੍ਰਧਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਤੋਮਰ ਵਾਰ-ਵਾਰ ਕਹਿ ਰਹੇ ਹਨ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ, ਜਿਸ ਤੋਂ ਜਾਪਦਾ ਹੈ ਕਿ ਐੱਨਡੀਏ ਸਰਕਾਰ ਪੂੰਜੀਪਤੀ ਘਰਾਣਿਆਂ ਦੇ ਮੁਨਾਫ਼ਿਆਂ ਲਈ ਖੇਤੀ ਕਾਨੂੰਨ ਰੱਦ ਨਾ ਕਰਨ ਦੀ ਇੱਛਾ ‘ਤੇ ਦ੍ਰਿੜ੍ਹ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਖਤਮ ਕਰਕੇ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਵੀ ਬੰਦ ਕੀਤੀ ਜਾਵੇ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਦੀ ਗੱਲਬਾਤ ਦੀ ਅਪੀਲ ਰੱਦ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨ ਆਗੂਆਂ ਨਾਲ ਗੱਲਬਾਤ ਦੇ ਇੰਨੇ ਗੇੜ ਲੰਘਣ ਤੋਂ ਬਾਅਦ ਵੀ ਹਾਲੇ ਤੱਕ ਤਿੰਨ ਖੇਤੀ ਕਾਨੂੰਨਾਂ ਦੀ ਬੁਰਾਈ ਨਹੀਂ ਪਤਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਵਾਜਬ ਮੰਗਾਂ ਕਿਸੇ ਵੀ ਕੀਮਤ ‘ਤੇ ਨਹੀਂ ਮੰਨਣਾ ਚਾਹੁੰਦੀ।
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਧਰਨਾ ਦੇਣ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਬਰਖ਼ਾਸਤਗੀ, ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਸਬੰਧੀ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਦਲ ਇਹ ਵੀ ਮੰਗ ਕਰੇਗਾ ਕਿ ਕੌਮੀ ਮਾਰਗਾਂ ਲਈ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ਮਾਰਕੀਟ ਰੇਟ ਅਨੁਸਾਰ ਮੁੱਲ ਅਤੇ ਉਜਾੜਾ ਭੱਤਾ ਕਿਸਾਨਾਂ ਨੂੰ ਦਿੱਤਾ ਜਾਵੇ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਐਕਸਪ੍ਰੈੱਸਵੇਅ ਪ੍ਰਾਜੈਕਟਾਂ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਨਾ ਬਦਲੀ ਤਾਂ ਪਾਰਟੀ ਸਰਕਾਰ ਖ਼ਿਲਾਫ਼ ਕਿਸਾਨਾਂ ਨਾਲ ਰੋਸ ਧਰਨੇ ਵਿੱਚ ਸ਼ਾਮਲ ਹੋਵੇਗੀ।