ਮੁੱਖ ਅੰਸ਼
- ਮਨਵਿੰਦਰ ਸਿੰਘ ਗਿਆਸਪੁਰਾ ਨੇ ਪੁਲੀਸ ਹਿਰਾਸਤ ਿਵੱਚ ਸ਼ੁਰੂ ਕੀਤੀ ਭੁੱਖ ਹੜਤਾਲ
- ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਅੱਜ ਭੁੱਖ ਹੜਤਾਲ ‘ਤੇ ਬੈਠਣਗੇ ਵਰਕਰ: ਹਰਪਾਲ ਸਿੰਘ ਚੀਮਾ
ਆਤਿਸ਼ ਗੁਪਤਾ
ਚੰਡੀਗੜ੍ਹ, 14 ਜੂਨ
ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਨੂੰ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਦੇ ਸੈਕਟਰ-2 ਸਥਿਤ ਰਿਹਾਇਸ਼ ਮੂਹਰੇ ਭੁੱਖ ਹੜਤਾਲ ‘ਤੇ ਬੈਠਣ ਲਈ ਪਹੁੰਚੇ। ਪੁਲੀਸ ਨੇ ‘ਆਪ’ ਆਗੂਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਾਫ਼ੀ ਦੂਰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਸ਼ਾਮਲ ਹਨ। ਗਿਆਸਪੁਰਾ ਨੇ ਪੁਲੀਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਨ੍ਹਾਂ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਬਾਅਦ ‘ਚ ਛੱਡ ਦਿੱਤਾ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ,”ਜਦੋਂ ਵਿਰੋਧੀ ਪਾਰਟੀ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਵਿਰੋਧ ਕਰ ਰਹੀ ਹੈ ਤਾਂ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਮਾਰਿਆ ਜਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਵਿਰੁੱਧ 15 ਜੂਨ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਸ੍ਰੀ ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉੱਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਸ੍ਰੀ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈਏਐੱਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜ਼ੀਫ਼ਾ ਰਾਸ਼ੀ ਆਪਣੇ ਨਜ਼ਦੀਕੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ ‘ਤੇ ਡਾਕੇ ਮਾਰੇ ਹਨ। ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦੀ ਕੁਝ ਰਕਮ ਜਾਰੀ ਕਰਕੇ ਲੋਕਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।