ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ 28 ਤੋਂ, ਮੋਤੀ ਮਹਿਲ ਦਾ ਘਿਰਾਓ 29 ਨੂੰ

ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ 28 ਤੋਂ, ਮੋਤੀ ਮਹਿਲ ਦਾ ਘਿਰਾਓ 29 ਨੂੰ


ਪਾਲ ਸਿੰਘ ਨੌਲੀ

ਜਲੰਧਰ, 16 ਜੂਨ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਹੜਤਾਲ 28 ਜੂਨ ਤੋਂ ਕੀਤੀ ਜਾਵੇਗੀ। ਪੱਤਰਕਾਰ ਨਾਲ ਗੱਲਬਾਤ ਕਰਦਿਆ ਗੁਰਪ੍ਰੀਤ ਸਿੰਘ ਭੁੱਲਰ, ਸੱਤਪਾਲ ਸਿੰਘ, ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ 29 ਜੂਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ

ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮੰਤਰੀਆਂ,ਵਿਧਾਇਕਾਂ ਦੇ ਕੁੱਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ। ਆਗੂਆਂ ਕਿਹਾ ਕਿ ਜਿੰਨਾ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 19 ਅਤੇ 20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਪਟਿਆਲਾ ਵਿਖੇ,ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਕਾਦੀਆਂ ਵਿਖੇ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਰਲਕੇ ਪ੍ਰੋਗਰਾਮ ਕੀਤਾ ਜਾਵੇਗਾ ਫੇਰ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵਲੋਂ ਮਿਤੀ 25 ਜੂਨ ਨੂੰ ਗੇਟ ਰੈਲੀਆ ਕਰਕੇ ਮਿਤੀ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ

ਇਸ ਸਮੇਂ ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ, ਰਘਬੀਰ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।



Source link