ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਜੂਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਤੇ ਜਨਮ ਸਥਾਨ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਦਾ ਬੁੱਤ ਲਗਾਉਣ ਅਤੇ ਪਾਰਕ ਦੀ ਸਥਾਪਨਾ ਲਈ ਪੰਜਾਬ ਸਰਕਾਰ ਵਲੋਂ 99.11 ਲੱਖ ਰੁਪਏ ਮਨਜ਼ੂਰ ਕੀਤੇ ਹਨ, ਜਿਸ ਨਾਲ ਕਰੀਬ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪਿੰਡ ਵਾਸੀਆਂ ਦੀ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ। ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਦਾ ਨਵਾਂ ਬੁੱਤ ਲਗਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਪਾਰਕ ਦੀ ਸਥਾਪਨਾ ਲਈ 99.11 ਲੱਖ ਰੁਪਏ ਸੂਬਾ ਸਰਕਾਰ ਵਲੋਂ ਮਨਜ਼ੂਰ ਕੀਤੇ ਹਨ ਅਤੇ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਦਾ ਮਾਣ ਪ੍ਰਾਪਤ ਪਿੰਡ ਬਡਰੁੱਖਾਂ ਵਿਖੇ ਪਾਰਕ ਵਿਚ ਨਵਾਂ ਬੁੱਤ ਲਗਾਉਣ ਦਾ ਕੰਮ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਨਵੇਂ ਬੁੱਤ ਦੇ ਨਾਲ ਨਾਲ ਪਾਰਕ ਵੀ ਨਵੇਂ ਸਿਰੇ ਤੋਂ ਤਿਆਰ ਕਰਵਾਇਆ ਜਾਵੇਗਾ, ਜਿਸ ‘ਚ ਦੇਸੀ ਕਿਸਮ ਦੇ ਬੂਟੇ ਲਗਾਉਣ ਤੋਂ ਇਲਾਵਾ ਸੈਰਗਾਹ ਤੇ ਬੱਚਿਆਂ ਦੇ ਖੇਡਣ ਅਤੇ ਸਿੱਖਣ ਲਈ ਵੱਖੋ-ਵੱਖਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪਿੰਡ ਬਡਰੁੱਖਾਂ ਦੇ ਸਰਪੰਚ ਕੁਲਜੀਤ ਸਿੰਘ ਤੂਰ ਨੇ ਕਿਹਾ ਕਿ ਪਿੰਡ ਵਾਸੀ 24 ਸਾਲਾਂ ਤੋਂ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ ਹੋਣ ਦੀ ਉਡੀਕ ਕਰ ਰਹੇ ਸਨ ਕਿਉਂਕਿ ਸੰਨ 1997 ‘ਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਤ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਇਹ ਵਾਅਦਾ ਕਈ ਵਾਰ ਦੁਹਰਾਇਆ ਵੀ ਗਿਆ ਪਰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਯਤਨ ਸਦਕਾ 99.11 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਹੋਈ ਹੈ।