ਕਿਸਾਨਾਂ ਨੇ ਤੋਮਰ ਦੇ ਪੁਤਲੇ ਫੂਕੇ

ਕਿਸਾਨਾਂ ਨੇ ਤੋਮਰ ਦੇ ਪੁਤਲੇ ਫੂਕੇ


ਆਤਿਸ਼ ਗੁਪਤਾ

ਚੰਡੀਗੜ੍ਹ, 20 ਜੂਨ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀਆਂ ਬਾਰੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਬਿਆਨਬਾਜ਼ੀ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਅੱਜ ਕਈ ਥਾਵਾਂ ‘ਤੇ ਨਰਿੰਦਰ ਤੋਮਰ ਦੇ ਪੁਤਲੇ ਸਾੜੇ। ਕਿਸਾਨ ਆਗੂਆਂ ਨੇ ਤੋਮਰ ਦੇ ਬਿਆਨ ‘ਕਿਸਾਨ ਆਗੂ ਕਾਨੂੰਨ ਰੱਦ ਕਰਵਾਉਣ ਤੋਂ ਇਲਾਵਾ ਕੋਈ ਹੋਰ ਬਦਲ ਲੈ ਕੇ ਆਉਣ ਤਾਂ ਹੀ ਗੱਲਬਾਤ ਸ਼ੁਰੂ ਹੋ ਸਕਦੀ ਹੈ’ ਦੀ ਨਿਖੇਧੀ ਕੀਤੀ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਸਣੇ ਸਵਾ ਕੁ ਸੌ ਥਾਵਾਂ ‘ਤੇ ਜਾਰੀ ਧਰਨਿਆਂ ਦੇ ਅੱਜ 262ਵੇਂ ਦਿਨ ‘ਉੱਡਣੇ ਸਿੱਖ’ ਮਿਲਖਾ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਆਪਣੀ ਜ਼ਿੰਦਗੀ ਵਿੱਚ ਅਨੇਕਾਂ ਮੁਸ਼ਕਲਾਂ ਦੇ ਬਾਵਜੂਦ ਜੀਵਨ ਦੀਆਂ ਬੁਲੰਦੀਆਂ ਸਰ ਕਰਨ ਵਾਲੇ ਮਿਲਖਾ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ, ਰਮਿੰਦਰ ਸਿੰਘ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਐੱਮਐੱਸਪੀ ਜਾਰੀ ਰੱਖਣ ਦਾ ਦਾਅਵੇ ਕਰਦੀ ਆ ਰਹੀ ਹੈ ਪਰ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਮੱਕੀ 700/800 ਰੁਪਏ ਪ੍ਰਤੀ ਕੁਇੰਟਲ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਦੋਂ ਕਿ ਮੱਕੀ ‘ਤੇ ਐੱਮਐੱਸਪੀ 1850 ਰੁਪਏ ਪ੍ਰਤੀ ਕੁਇੰਟਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਾਜਿਬ ਭਾਅ ਨਾ ਮਿਲਣ ਕਾਰਨ ਕਿਸਾਨਾਂ ਦੇ ਲਾਗਤ ਖ਼ਰਚੇ ਵੀ ਪੂਰੇ ਨਹੀਂ ਹੁੰਦੇ, ਉੱਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋਂ-ਦਿਨ ਵਧਣ ਕਾਰਨ ਮਹਿੰਗਾਈ ਵਧ ਰਹੀ ਹੈ। ਉਨ੍ਹਾਂ ਮੰਗ ਕੀਤੀ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਫ਼ਸਲਾਂ ਦੀ ਐੱਮਐੱਸਪੀ ‘ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ ਅਤੇ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਇਹ ਸੰਘਰਸ਼ ਜਾਰੀ ਰਹੇਗਾ।

ਹਰਿਆਣਾ ਰਾਜ ਭਵਨ ਦੇ ਘਿਰਾਓ ਲਈ ਨਾਢਾ ਸਾਹਿਬ ਤੋਂ ਕੂਚ ਕਰਨਗੇ ਕਿਸਾਨ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ 26 ਜੂਨ 2021 ਨੂੰ 7 ਮਹੀਨੇ ਮੁਕੰਮਲ ਹੋਣ ‘ਤੇ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇਸ਼ ਭਰ ਵਿੱਚ ਰਾਜ ਭਵਨਾਂ ਦਾ ਘਿਰਾਓ ਕਰਕੇ ਰਾਜਪਾਲ ਰਾਹੀ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਭੇਜੇ ਜਾਣਗੇ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨਾਢਾ ਸਾਹਿਬ ਗੁਰਦੁਆਰੇ ਤੋਂ ਇਕੱਠੇ ਹੋ ਕੇ ਰਾਜ ਭਵਨ ਵੱਲ ਕੂਚ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੂੰ 26 ਜੂਨ ਵਾਲੇ ਦਿਨ ਗੁਰਦੁਆਰਾ ਨਾਢਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ।



Source link