ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 22 ਜੂਨ
ਕੋਟਕਪੂਰਾ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛ ਪੜਤਾਲ ਕਰ ਰਹੀ ਹੈ। ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਟੀਮ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐੱਮਐੱਲਏ ਫਲੈਟ ਵਿੱਚ ਪੁੱਛ ਪੜਤਾਲ ਕਰ ਰਹੀ ਹੈ। ਇਸ ਤੋਂ ਪਹਿਲਾਂ ਐੱਸਆਈਟੀ ਨੇ 16 ਜੂਨ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਪੈਨਲ ਸਾਹਮਣੇ ਪੇਸ਼ ਹੋਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਖਰਾਬ ਸਿਹਤ ਅਤੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਐੱਸਆਈਟੀ ਨੂੰ ਆਪਣੇ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ‘ਤੇ ਆਉਣ ਲਈ ਕਿਹਾ ਸੀ।