ਸ਼ਗਨ ਕਟਾਰੀਆ/ਜੋਗਿੰਦਰ ਸਿੰਘ ਮਾਨ
ਬਠਿੰਡਾ/ਮਾਨਸਾ, 28 ਜੂਨ
ਪੰਜਾਬzwnj; ਵਿਚ ਪੀਆਰਟੀਸੀ, ਪੰਜਾਬ ਰੋਡਵੇਜ਼ ਅਤ ਪਨਬਸ ਦੇ ਕੰਟਰੈਕਟ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਮਨਾਉਣ ਲਈ ਅੱਜ ਤੋਂ ਤਿੰਨ ਰੋਜ਼ਾ ਹੜਤਾਲ ਆਰੰਭ ਦਿੱਤੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸ਼ੱਕ ਇਸ ਹੜਤਾਲ ਦਾ ਲਾਹਾ ਲੈਕੇ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਆਪਣੀਆਂ ਬੱਸਾਂ ਨੂੰ ਚਲਾਉਣਾ ਆਰੰਭ ਕਰ ਦਿੱਤਾ ਹੈ,ਪਰ ਅੰਤਰਰਾਜੀ ਰੂਟਾਂ ਉਤੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਹੋ ਰਹੀ ਹੈ।
ਬਠਿੰਡਾ ਦੇ ਪੀਆਰਟੀਸੀ ਦੇ ਡਿੱਪੂ ਅਗੇ ਧਰਨੇ ‘ਤੇ ਬੈਠੇ ਠੇਕਾ ਮੁਲਾਜ਼ਮਾਂ ਦਾ ਦੋਸ਼ ਹੈ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤਣ ਦੇ ਬਾਅਦ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਹੜਤਾਲ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਕੁੱਲ ਬੱਸਾਂ ਵਿਚੋਂ ਸਿਰਫ ਦਸ ਕੁ ਪ੍ਰਤੀਸ਼ਤ ਬੱਸਾਂ ਹੀ ਰੈਗੂਲਰ ਸਟਾਫ ਚਲਾ ਰਿਹਾ ਹੈ ਜਦ ਕਿ ਨੱਬੇ ਫੀਸਦੀ ਬੱਸਾਂ ਬੰਦ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਪ੍ਰਬੰਧਕਾਂ ਨੇ ਹੜਤਾਲ ਨਾਲ ਨਜਿੱਠਣ ਲਈ ਟਰਾਂਸਪੋਰਟ ਮੰਤਰੀ ਨਾਲ ਹੜਤਾਲੀ ਕਾਮਿਆਂ ਦੀ ਭਲਕੇ ਮੀਟਿੰਗ ਕਰਾਉਣ ਦਾ ਫੈਸਲਾ ਕੀਤਾ ਹੈ।