ਫ਼ਰੀਦਕੋਟ (ਜਸਵੰਤ ਜੱਸ): ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣਾ ਨਾਰਕੋ ਟੈਸਟ ਕਰਵਾਉਣ ਦੀ ਲਿਖਤੀ ਸਹਿਮਤੀ ਦੇ ਦਿੱਤੀ ਹੈ। ਅਦਾਲਤ ਵਿੱਚ ਹਾਜ਼ਰ ਹੋ ਕੇ ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਹ ਨਾਰਕੋ ਟੈਸਟ ਸਮੇਤ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਪਹਿਲੀ ਵਾਰ ਮੀਡੀਆ ਸਾਹਮਣੇ ਉਮਰਾਨੰਗਲ ਨੇ ਦੋਸ਼ ਲਾਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਸ ਨੂੰ ਕਥਿਤ ਤੌਰ ‘ਤੇ ਨਿੱਜੀ ਰੰਜਿਸ਼ ਕਰਕੇ ਫਸਾਇਆ ਹੈ। ਇਸ ਲਈ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਵੀ ਹੋਣਾ ਚਾਹੀਦਾ ਹੈ। ਉਮਰਾਨੰਗਲ ਨੇ ਨਾਲ ਹੀ ਦਾਅਵਾ ਕੀਤਾ ਕਿ ਉਹ ਪੰਜਾਬ ਦੇ ਡੀਜੀਪੀ ਦੇ ਕਹਿਣ ‘ਤੇ ਹੀ ਕੋਟਕਪੂਰਾ ਆਏ ਸਨ। ਉਮਰਾਨੰਗਲ ਨੇ ਕਿਹਾ ਕਿ ਉਹ ਬਹਿਬਲ ਗਿਆ ਹੀ ਨਹੀਂ ਸੀ ਅਤੇ ਉਸ ਨੂੰ ਬਹਿਬਲ ਗੋਲੀ ਕਾਂਡ ਵਿਚ ਫਸਾਇਆ ਗਿਆ ਹੈ । ਇਸੇ ਦੌਰਾਨ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਕਿਹਾ ਕਿ ਉਹ ਨਾਰਕੋ ਟੈਸਟ ਕਰਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਦਿਲ ਦੀਆਂ ਬਿਮਾਰੀਆਂ ਹੋਣ ਕਾਰਨ ਉਹ ਨਾਰਕੋ ਟੈਸਟ ਨਹੀਂ ਕਰਵਾ ਰਹੇ।