ਦਵਿੰਦਰ ਪਾਲ
ਚੰਡੀਗੜ੍ਹ, 10 ਜੁਲਾਈ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੀ ਹੈਂਕੜ ਭੰਨਣ ਲਈ ਸੂਬੇ ਵਿੱਚ 9 ਮਹੀਨਿਆਂ ਤੋਂ ਅਤੇ ਦਿੱਲੀ ਵਿੱਚ 7 ਮਹੀਨਿਆਂ ਤੋਂ ਚੱਲ ਰਹੇ ਮੋਰਚੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕੰਮਾਂ ਤੋਂ ਵਿਹਲੇ ਹੋਣ ਵਾਲੇ ਕਿਸਾਨ ਕਾਫ਼ਲਿਆਂ ਦੇ ਰੂਪ ਵਿੱਚ ਪੰਜਾਬ ਤੋਂ ਦਿੱਲੀ ਵੱਲ ਕੂਚ ਕਰਨ।
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਧਰਨੇ 284ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹੇ। ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ ਆਗੂਆਂ ਨੇ ਖੇਤੀਬਾੜੀ ਢਾਂਚਾਗਤ ਵਿਕਾਸ ਫੰਡ ਨੂੰ ਨਵਾਂ ਮਜ਼ਾਕ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਖੇਤੀਬਾੜੀ ਢਾਂਚਾਗਤ ਫੰਡ ‘ਚ ਕੁਝ ਸੋਧਾਂ ਜੋੜੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਖੇਤੀ ਸੈਕਟਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨਾ ਹੈ। ਮੰਡੀ ਪ੍ਰਬੰਧ ਦੀ ਮਜ਼ਬੂਤੀ ਦਾ ਪ੍ਰਚਾਰ ਤਾਂ ਲੋਕਾਂ ਨੂੰ ਗੁਮਰਾਹ ਕਰਨ ਮਾਤਰ ਹੈ। ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਏਪੀਐੱਮਸੀ ਮੰਡੀਆਂ ਨੂੰ ਇੱਕ ਲੱਖ ਕਰੋੜ ਰੁਪਏ ਦੇਣ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਾਂ ਮੋਦੀ ਸਰਕਾਰ ਨੇ ਇੱਕ ਰੁਪਿਆ ਵੀ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ‘ਸਰਕਾਰ ਗੱਲਬਾਤ ਲਈ ਤਿਆਰ’ ਵਾਲਾ ਪੁਰਾਣਾ ਰਾਗ ਤਿਆਗ ਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਕਿਸਾਨ ਆਗੂਆਂ ਨੇ ਘਰੇਲੂ ਬਿਜਲੀ ਦੇ ਵਧ ਰਹੇ ਕੱਟਾਂ ਲਈ ਕੈਪਟਨ ਸਰਕਾਰ ਦੇ ਦੁਰਪ੍ਰਬੰਧ ਨੂੰ ਜ਼ਿੰਮੇਵਾਰ ਠਹਿਰਾਇਆ।
ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਬਹੁਤ ਤਾਕਤਵਰ ਧਿਰ ਦੇ ਖ਼ਿਲਾਫ਼ ਹੈ। ਉਨ੍ਹਾਂ ਆਖਿਆ ਕਿ ਇਖ਼ਲਾਕ ਤੇ ਏਕੇ ਨਾਲ ਇਨ੍ਹਾਂ ਕਾਲੀਆਂ ਤਾਕਤਾਂ ਨੂੰ ਹਰਾ ਕੇ ਰਹਿਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੇ ਕਾਫ਼ਲਿਆਂ ਦਾ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ‘ਤੇ ਜਾਣਾ ਜਾਰੀ ਹੈ।
ਡੇਰਾ ਬਾਬਾ ਨਾਨਕ ਤੋਂ ਦਿੱਲੀ ਲਈ ਅੱਜ ਰਵਾਨਾ ਹੋਵੇਗਾ ਜਥਾ: ਚੜੂਨੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਹਰਿਆਣਾ ਦੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀਡੀਓ ਸੰਦੇਸ਼ ਰਾਹੀਂ ਦੱਸਿਆ ਕਿ ਭਲਕੇ 11 ਜੁਲਾਈ ਨੂੰ ਡੇਰਾ ਬਾਬਾ ਨਾਨਕ ਤੋਂ ਕਿਸਾਨਾਂ ਦਾ ਇੱਕ ਜਥਾ ਸਵੇਰੇ 9 ਵਜੇ ਦੇ ਕਰੀਬ ਦਿੱਲੀ ਲਈ ਰਵਾਨਾ ਹੋਵੇਗਾ। ਇਹ ਜਥਾ ਬਟਾਲਾ, ਗੁਰਦਾਸਪੁਰ, ਮੁਕੇਰੀਆਂ, ਦਸੂਹਾ, ਟਾਂਡਾ, ਭੋਗਪੁਰ, ਜਲੰਧਰ, ਲੁਧਿਆਣਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਫ਼ਤਹਿਗੜ੍ਹ ਸਾਹਿਬ ਪੁੱਜੇਗਾ ਤੇ ਰਾਤ ਉੱਥੇ ਰੁਕੇਗਾ। 12 ਜੁਲਾਈ ਨੂੰ ਸਵੇਰੇ 8 ਵਜੇ ਰਾਜਪੁਰਾ, ਅੰਬਾਲਾ ਸੋਨੀਪਤ ਹੁੰਦਾ ਹੋਇਆ ਇਹ ਜਥਾ ਸਿੰਘੂ ਬਾਰਡਰ ‘ਤੇ ਪੁੱਜੇਗਾ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਸਾਧਨ ਲੈ ਕੇ ਇਸ ਜਥੇ ਵਿੱਚ ਸ਼ਾਮਲ ਹੋਣ ਦੀ ਅਪੀਲੀ ਕੀਤੀ। ਸ੍ਰੀ ਚੜੂਨੀ ਖ਼ੁਦ ਵੀ ਜਥੇ ਨੂੰ ਰਵਾਨਾ ਕਰਨ ਲਈ ਪੁੱਜਣਗੇ।