ਪਾਲ ਸਿੰਘ ਨੌਲੀ
ਜਲੰਧਰ, 26 ਜੁਲਾਈ
ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਗਏ। ਜਲੰਧਰ ਬੱਸ ਸਟੈਂਡ ਵਿਖੇ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 4 ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਟਰਾਂਸਪੋਰਟ ਮਾਫੀਆ ਖਤਮ ਕਰੇ, ਘਰ ਘਰ ਰੁਜ਼ਗਾਰ ਦੇਵੇ, ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ, ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਨਹੀਂ ਤਾਂ ਹਰੇਕ ਸਥਾਨ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡੇ 2 ਘੰਟੇ ਬੰਦ ਕਰਕੇ ਚਿਤਾਵਨੀ ਦਿੱਤੀ ਹੈ। ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9, 10 ਤੇ 11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ। ਦਲਜੀਤ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਸ਼ਾਮਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ ਅਤੇ ਬੱਸਾਂ ਵਿੱਚ ਭੰਡੀ ਪ੍ਰਚਾਰ ਅਤੇ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।