ਨਵੀਂ ਦਿੱਲੀ, 23 ਅਗਸਤ
ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਦੇ ਸਬੰਧ ਵਿੱਚ ਅੱਜ ਕਿਹਾ ਕਿ ਇਨ੍ਹਾਂ ਸਲਾਹਕਾਰਾਂ ਨੂੰ ਪਾਰਟੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਹੈ, ਪਰ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਖਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਨੇ ਕਿਹਾ ਕਿ ਸਿੱਧੂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਦੋਵਾਂ ਸਲਾਹਕਾਰਾਂ ਨੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਦੇ ਪੇਸ਼ ਕੀਤਾ ਹੈ, ਪਰ ਉਹ (ਰਾਵਤ) ਆਪਣੇ ਪੱਧਰ ‘ਤੇ ਜਾਂਚ ਕਰ ਕੇ ਸੱਚਾਈ ਦਾ ਪਤਾ ਲਾਉਣਗੇ। ਰਾਵਤ ਨੇ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਇਹ ਰਾਇ ਰਹੀ ਹੈ ਕਿ ਜੰਮੂ ਕਸ਼ਮੀਰ ਭਾਰਤ ਦਾ ਅਟੁਟ ਹਿੱਸਾ ਹੈ। -ਪੀਟੀਆਈ