ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਅਗਸਤ
ਸੂਬਾ ਸਰਕਾਰ ਵੱਲੋਂ ਕੁੱਝ ਸਾਲ ਪਹਿਲਾਂ ਸੂਬੇ ਵਿੱਚ ਸਥਾਪਤ ਕੀਤੇ ਗਏ ਦਸ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਮਰਜ ਕਰ ਕੇ ਰੈਗੂਲਰ ਕਰਨ ਦੀ ਮੰਗ ਸਬੰਧੀ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਜਦੋਂ ਉਹ ਵਾਈਪੀਐੱਸ ਚੌਕ ਕੋਲ ਪਹੁੰਚੇ ਤਾਂ ਪੁਲੀਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅਧਿਆਪਕ ਆਗੂਆਂ ਨੇ ਪੁਲੀਸ ‘ਤੇ ਮਹਿਲਾ ਅਧਿਆਪਕਾਵਾਂ ਨਾਲ ਖਿੱਚ-ਧੂਹ ਕਰਨ ਦੇ ਦੋਸ਼ ਲਾਏ। ਉੱਧਰ, ਪੁਲੀਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ।
ਅਧਿਆਪਕ ਆਗੂਆਂ ਨੇ ਦੱਸਿਆ ਕਿ 24 ਅਗਸਤ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਓਐੱਸਡੀ ਐੱਮ.ਪੀ. ਸਿੰਘ ਨਾਲ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਨੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਰੱਖੀ ਸੀ। ਇਸ ਦੌਰਾਨ ਓਐੱਸਡੀ ਨੇ ਮੰਨਿਆ ਸੀ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਉਨ੍ਹਾਂ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰ ਕੇ ਮਸਲਾ ਇੱਕ-ਦੋ ਦਿਨਾਂ ਤੱਕ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਅਧਿਆਪਕ ਆਗੂਆਂ ਨੇ ਕਿਹਾ ਕਿ ਅੱਜ ਲਗਪਗ ਹਫ਼ਤਾ ਬੀਤਣ ‘ਤੇ ਵੀ ਸਰਕਾਰ ਵੱਲੋਂ ਉਨ੍ਹਾਂ ਦੀ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਨੇ ਅੱਜ ਮੋਤੀ ਮਹਿਲ ਘੇਰਨ ਦਾ ਫ਼ੈਸਲਾ ਲਿਆ ਸੀ।
ਅਖੀਰ ਸਥਾਨਕ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਮੁੱਖ ਮੰਤਰੀ ਦੇ ਓਐਸਡੀ ਨਾਲ਼ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਉਨ੍ਹਾਂ ਦਾ ਧਰਨਾ ਸਮਾਪਤ ਹੋਇਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ, ਦਲਜੀਤ ਕੌਰ, ਜਨਰਲ ਸਕੱਤਰ ਬਲਰਾਜ ਸਿੰਘ, ਵਿਕਰਮ ਦੇਵ ਸਿੰਘ ਡੀਟੀਐੱਫ, ਹਰਦੀਪ ਟੋਡਰਪੁਰ ਡੀਐੱਮਐੱਫ, ਪਰਮਜੀਤ ਸਿੰਘ ਜੀਟੀਯੂ, ਸੁਖਜੀਤ ਸਿੰਘ ਵਿੱਤ ਸਕੱਤਰ, ਅਮਰੀਸ਼ ਸ਼ਰਮਾ ਮੀਤ ਪ੍ਰਧਾਨ ਤੇ ਹੋਰਨਾਂ ਨੇ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ।
ਲਾਠੀਚਾਰਜ ਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਨਿਖੇਧੀ
ਪਟਿਆਲਾ: ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਡੀਐੱਮਐੱਫ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਅਧਿਆਪਕਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਨ੍ਹਾਂ ਅਧਿਆਪਕਾਂ ਨੂੰ ਬਿਨਾ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਪੰਜਾਬ ਰਾਜ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਪੀਐੱਚਡੀ, ਐੱਮਫਿਲ, ਯੂਜੀਸੀ ਨੈੱਟ ਪਾਸ ਅਧਿਆਪਕ ਪਿਛਲੇ ਸੱਤ ਸਾਲਾਂ ਤੋਂ ਠੇਕੇ ‘ਤੇ ਨੌਕਰੀ ਕਰ ਰਹੇ ਹਨ। ਉਹ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।