ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 1 ਸਤੰਬਰ
ਤੇਲ ਕੰਪਨੀਆਂ ਨੇ ਗੈਰਰਿਆਇਤੀ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਅੱਜ 25 ਰੁਪਏ ਵਾਧਾ ਕੀਤਾ ਹੈ। ਪਿਛਲੇ 15 ਦਿਨਾਂ ਵਿੱਚ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਇਹ ਦੂਜੀ ਵਾਰ ਕੀਤਾ ਗਿਆ ਵਾਧਾ ਹੈ। ਇਸ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ਦੀ ਅਰਥਵਿਵਸਥਾ ਵਿੱਚ 1990 ਦੇ ਦਸ਼ਕ ਵਾਲਾ ਨਿਘਾਰ ਆ ਰਿਹਾ ਹੈ ਤੇ ਅਰਥਵਿਵਸਥਾ ਵਿੱਚ ਸੁਧਾਰ ਲਈ ਨਵੇਂ ਮਾਪਦੰਡਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 1990 ਵਿੱਚ ਜਦੋਂ ਦੇਸ਼ ਦੀ ਅਰਥਵਿਵਸਥਾ ਡਗਮਗਾਈ ਸੀ ਤਾਂ ਕਾਂਗਰਸ ਨੇ ਦੇਸ਼ ਨੂੰ ਇਕ ਨਵੀਂ ਆਰਥਿਕ ਦਿਸ਼ਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਹੇਠਾਂ ਡਿੱਗ ਰਹੀ ਅਰਥਵਿਵਸਥਾ ਦੀ ਸਭ ਤੋਂ ਵੱਡੀ ਨਿਸ਼ਾਨੀ ਇਹ ਹੈ ਕਿ ਕੁੱਲ ਘਰੇਲੂ ਉਤਪਾਦ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਬਰਾਏ ਹੋਏ ਹਨ ਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਅਰਥਵਿਵਸਥਾ ਵਿੱਚ ਸੁਧਾਰ ਲਈ ਕੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਵਿੱਚ ਸੁਧਾਰ ਲਈ ਕਾਂਗਰਸ ਨੂੰ ਪਤਾ ਹੈ ਕਿ ਕੀ ਕਰਨਾ ਚਾਹੀਦਾ ਹੈ ਤੇ ਇਸ ਸਬੰਧ ਵਿੱਚ ਕਾਂਗਰਸ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਆਪਣੇ ਆਰਥਿਕ ਮਾਹਰ ਵੀ ਭੇਜ ਸਕਦੀ ਹੈ। ਉਨ੍ਹਾਂ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 116 ਫੀਸਦ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਦੀਆਂ ਕੀਮਤਾਂ ਵਿੱਚ 42 ਫੀਸਦ ਵਾਧਾ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਫੀਸਦ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 2014 ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਸੱਤਾ ਤੋਂ ਲਾਂਭੇ ਹੋ ਗਈ ਸੀ ਤੇ ਭਾਜਪਾ ਸੱਤਾ ‘ਤੇ ਕਾਬਜ਼ ਹੋ ਗਈ ਸੀ।