ਪੱਤਰ ਪ੍ਰੇਰਕ
ਤਰਨ ਤਾਰਨ, 6 ਸਤੰਬਰ
ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਤੋਂ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਦੇ ਪਹਿਲੇ ਦਿਨ ਇਥੋਂ ਦੇ ਰੋਡਵੇਜ਼ ਦੇ ਡਿਪੂ ਸਾਹਮਣੇ ਅਰਧਨਗਨ ਹੋ ਕੇ ਰੋਸ ਵਿਖਾਵਾ ਕੀਤਾ| ਰੈਲੀ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਜਥੇਬੰਦੀ ਦੇ ਡਿਪੂ ਪ੍ਰਧਾਨ ਸਤਨਾਮ ਸਿੰਘ ਤੁੜ ਤੋਂ ਇਲਾਵਾ ਦਲਵਿੰਦਰ ਸਿੰਘ, ਨਿਰਭੈ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਬਚਿੱਤਰ ਸਿੰਘ, ਅਮਿਤ ਸ਼ਰਮਾ, ਰਾਜਵੰਤ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਕਿਹਾ ਕਿ ਉਹ ਵਿਭਾਗ ਅੰਦਰ ਬੀਤੇ 15-15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੋਈ ਨਿਸ਼ਚਿਤ ਨੀਤੀ ਨਹੀਂ ਤਿਆਰ ਕੀਤੀ ਜਿਸ ਕਰਕੇ ਉਨ੍ਹਾਂ ਦਾ ਭਵਿੱਖ ਪੂਰੀ ਤਰ੍ਹਾਂ ਨਾਲ ਹਨੇਰੇ ਦਾ ਸ਼ਿਕਾਰ ਬਣ ਕੇ ਰਹਿ ਗਿਆ ਹੈ| ਆਗੂਆਂ ਜਥੇਬੰਦੀ ਦੀਆਂ ਹੋਰ ਮੰਗਾਂ ਬਾਰੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨਗੇ| ਉਨ੍ਹਾਂ ਸਰਕਾਰ ਨੂੰ ਚੋਣਾਂ ਦੌਰਾਨ ਸਬਕ ਸਿਖਾਉਣ ਦੀ ਵੀ ਚਿਤਾਵਨੀ ਦਿੱਤੀ ਹੈ|
ਹੁਸ਼ਿਆਰਪੁਰ (ਪੱਤਰ ਪ੍ਰਰੇਕ) ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ ਦੇ ਸਮੂਹ ਡਿਪੂਆਂ ਦੇ ਕੱਚੇ ਕਾਮਿਆਂ ਨੇ ਅੱਜ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਜਿਸ ਕਰਕੇ 2200 ਪਨਬਸ ਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਕਾਮਿਆਂ ਵੱਲੋਂ ਹੁਸ਼ਿਆਰਪੁਰ ਡਿਪੂ ਦੇ ਬਾਹਰ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਲਟਕਾ ਰਹੀ ਹੈ ਜਿਸ ਕਰਕੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ 7 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।
ਪਠਾਨਕੋਟ (ਪੱਤਰ ਪ੍ਰਰੇਕ) ਪੰਜਾਬ ਰੋਡਵੇਜ਼, ਪਨਬਸ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੰਟਰੈਕਟ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਬੇਮਿਆਦੀ ਹੜਤਾਲ ਸ਼ੁਰੂ ਕਰ ਦਿੱਤੀ। ਜਿਸ ਦੇ ਚੱਲਦੇ ਪਠਾਨਕੋਟ ਡਿਪੂ ਤੇ ਰੋਡਵੇਜ਼ ਬੱਸਾਂ ਦੇ ਪਹੀਏ ਅੱਜ ਰੁਕ ਗਏ। ਬੱਸਾਂ ਦੇ ਪਹੀਏ ਰੁਕਣ ਨਾਲ ਹੀ ਦਿੱਲੀ, ਰਾਜਸਥਾਨ, ਉਤਰਾਖੰਡ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਜਾਣ ਵਾਲੀਆਂ ਸਵਾਰੀਆਂ ਨੂੰ ਪਹਿਲੇ ਦਿਨ ਨਿਰਾਸ਼ਾ ਹੱਥ ਲੱਗੀ।