ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਵਿਸ਼ਾਲ ਭਰਤੀ ਮੁਹਿੰਮ: ਮੁੱਖ ਸਕੱਤਰ

ਪੰਜਾਬ ਸਰਕਾਰ ਛੇਤੀ ਸ਼ੁਰੂ ਕਰੇਗੀ ਵਿਸ਼ਾਲ ਭਰਤੀ ਮੁਹਿੰਮ: ਮੁੱਖ ਸਕੱਤਰ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 15 ਸਤੰਬਰ

ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਆਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਲਈ ਜਲਦ ਹੀ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ। ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲ੍ਹੀ ਆਸਾਮੀਆਂ ਸਬੰਧੀ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨਾਲ ਤੁਰੰਤ ਜਾਣਕਾਰੀ ਸਾਂਝੀ ਕਰਨ ਦੀ ਹਦਾਇਤ ਕੀਤੀ। ਇਥੇ ਪ੍ਰਸ਼ਾਸਕੀ ਸਕੱਤਰਾਂ ਨਾਲ ਸੂਬਾਈ ਰੁਜ਼ਗਾਰ ਯੋਜਨਾ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਵਿਭਾਗਾਂ ਵਿੱਚ ਖਾਲੀ ਆਸਾਮੀਆਂ ਲਈ ਮੰਗ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਰੁਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 34 ਪ੍ਰਸ਼ਾਸਕੀ ਵਿਭਾਗਾਂ ਨੇ ਪੰਜਾਬ ਸਰਕਾਰ ਦੀ ਭਰਤੀ ਯੋਜਨਾ ਦੇ ਦੂਜੇ ਪੜਾਅ ਲਈ 22,441 ਸਿੱਧੇ ਕੋਟੇ ਦੀਆਂ ਖਾਲੀ ਆਸਾਮੀਆਂ ਬਾਰੇ ਜਾਣਕਾਰੀ ਭੇਜ ਦਿੱਤੀ ਹੈ ਜੋ ਕਿ ਇਸ ਤੋਂ ਪਹਿਲਾਂ ਕੈਬਨਿਟ ਕਮੇਟੀ ਦੁਆਰਾ ਮਨਜ਼ੂਰ ਕੀਤੀਆਂ ਗਈਆਂ 61336 ਆਸਾਮੀਆਂ ਨਾਲੋਂ ਵੱਖਰੀਆਂ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ “ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ” ਤਹਿਤ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ 61,336 ਅਸਾਮੀਆਂ ਭਰਨ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਜ ਰੁਜ਼ਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ, ਸੂਬਾ ਸਰਕਾਰ ਨੇ 7,848 ਯੋਗ ਉਮੀਦਵਾਰਾਂ ਨੂੰ ਭਰਤੀ ਕਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿੱਚ 44,543 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।



Source link