ਮੁਹਾਲੀ: ਕੈਪਟਨ ਦੀ ਚੰਡੀਗੜ੍ਹ ਕੋਠੀ ਵੱਲ ਕੂਚ ਕਰ ਰਹੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਦਾ ਮੁਹਾਲੀ ’ਚ ਪੁੁਲੀਸ ਨੇ ਰਾਹ ਡੱਕਿਆ


ਦਰਸ਼ਨ ਸਿੰਘ ਸੋਢੀ

ਮੁਹਾਲੀ, 15 ਸਤੰਬਰ

ਪੰਜਾਬ ਦੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਪਰ ਮੁਹਾਲੀ ਪੁਲੀਸ ਨੇ ਇੱਥੋਂ ਦੇ ਵਾਈਪੀਐੱਸ ਚੌਕ ਨੇੜੇ ਜ਼ਬਰਦਸਤ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਰਾਹ ਡੱਕ ਲਿਆ, ਜਿਸ ਕਾਰਨ ਰੋਹ ਭਰਪੂਰ ਕਿਸਾਨ ਉੱਥੇ ਹੀ ਸੜਕ ਜਾਮ ਕਰਕੇ ਧਰਨੇ ‘ਤੇ ਬੈਠ ਗਏ ਅਤੇ ਸਰਹੱਦੀ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।

ਅੱਜ ਸਵੇਰੇ ਹੀ ਸਰਹੱਦੀ ਪਿੰਡਾਂ ਦੇ ਕਿਸਾਨ ਮੁਹਾਲੀ ਵਿਖੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਕਿਸਾਨਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਉਨ੍ਹਾਂ ਨੇ ਇੱਥੇ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦਾ ਮੁਆਵਜ਼ਾ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਲੰਮੀ ਵਿਚਾਰ ਚਰਚਾ ਕੀਤੀ। ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਬੈਨਰ ਥੱਲੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ ਕਰਦੇ ਹੋਏ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ, ਪ੍ਰੰਤੂ ਮੁਹਾਲੀ ਪੁਲੀਸ ਨੇ ਉਨ੍ਹਾਂ ਨੂੰ ਵਾਈਪੀਐਸ ਚੌਕ ਤੋਂ ਅੱਗੇ ਨਹੀਂ ਜਾਣ ਦਿੱਤਾ।

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਮੀਤ ਪ੍ਰਧਾਨ ਸੁਰਜੀਤ ਸਿੰਘ ਖੇਮਕਰਨ, ਜਨਰਲ ਸਕੱਤਰ ਸੇਵਕ ਸਿੰਘ ਰਟੋਕੇ, ਪ੍ਰੈਸ ਸਕੱਤਰ ਨਛੱਤਰ ਸਿੰਘ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਗੁਰਦਾਸਪੁਰ ਦੀ 21 ਹਜ਼ਾਰ ਤੋਂ ਵੱਧ ਜ਼ਮੀਨ ਮਾਲਕੀ ਦਾ ਫੈਸਲਾ ਹਾਈ ਕੋਰਟ ਨੇ ਕਿਸਾਨਾਂ ਦੇ ਹੱਕ ਵਿੱਚ ਕਰਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਪ੍ਰਤੀ ਸਾਲ ਦੇਣ ਦੇ ਹੁਕਮ ਦਿੱਤੇ ਸਨ ਪ੍ਰੰਤੂ ਸਾਲ 2018 ਤੋਂ ਲੈ ਕੇ ਹੁਣ ਤੱਕ ਚਾਰ ਸਾਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਕਾਬਲ ਸਿੰਘ, ਤਰਨਤਾਰਨ ਦੇ ਪ੍ਰਧਾਨ ਪ੍ਰਗਟ ਸਿੰਘ, ਫਿਰੋਜ਼ਪੁਰ ਦੇ ਪ੍ਰਧਾਨ ਨਸੀਬ ਸਿੰਘ ਪੱਲਾ, ਫਾਜ਼ਿਲਕਾ ਦੇ ਪ੍ਰਧਾਨ ਸੁਖਦੇਵ ਸਿੰਘ, ਗੁਰਦਾਸਪੁਰ ਦੇ ਪ੍ਰਧਾਨ ਗੁਰਦੀਪ ਸਿੰਘ ਥੰਮਣ ਅਤੇ ਪਠਾਨਕੋਟ ਦੇ ਪ੍ਰਧਾਨ ਹਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਉਧਰ, ਐੱਸਪੀ ਸਿਟੀ ਹਰਵਿੰਦਰ ਸਿੰਘ ਅਤੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।Source link