ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 28 ਸਤੰਬਰ
ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਅਸਤੀਫ਼ਾ ਟਵੀਟਰ ‘ਤੇ ਪਾਇਆ। ਇਸ ਵਿੱਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਹਾਈ ਕਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਸੂਤਰਾਂ ਮੁਤਾਬਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦੇਣ ਖ਼ਿਲਾਫ਼ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਅਹੁਦਿਆਂ ਦੀ ਵੰਡ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਚਾਨਕ ਅਸਤੀਫਾ ਦਿੱਤਾ। ਅਸਤੀਫ਼ਾ ਦੇਣ ਦੇ ਕਾਰਨਾਂ ਦਾ ਵਿਸਥਾਰ ਨਹੀਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਸਥਿਤ ਆਪਣੇ ਕਰੀਬੀ ਪਰਿਵਾਰ ਦੇ ਘਰ ਗਏ ਸਨ। ਪਰ ਮੰਤਰੀਆਂ ਨੂੰ ਅਹੁਦਿਆਂ ਦੀ ਵੰਡ ਹੋਣ ਤੋਂ ਤੁਰੰਤ ਬਾਅਦ ਅਚਾਨਕ ਹੀ ਉਨ੍ਹਾਂ ਦੇ ਅਸਤੀਫ਼ੇ ਦੀ ਖ਼ਬਰ ਆ ਗਈ।