ਚੰਡੀਗੜ੍ਹ, 1 ਅਕਤੂਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕੀਤੇ ਗਏ ਦਾਅਵਿਆਂ ਤੇ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ”ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਤਿੰਨ ਹਫ਼ਤੇ ਪਹਿਲਾਂ, ਮੈਂ ਸੋਨੀਆ ਗਾਂਧੀ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਵਜੋਂ ਕੰਮ ਜਾਰੀ ਰੱਖਣ ਲਈ ਕਿਹਾ ਸੀ।” ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਉਹ ਸਪੱਸ਼ਟ ਤੌਰ ‘ਤੇ ਉਨ੍ਹਾਂ ਨੂੰ ਜਨਤਕ ਤੌਰ ‘ਤੇ ਬੇਇੱਜ਼ਤ ਕਰਨ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੋ ਅਪਮਾਨ ਹੋਇਆ ਹੈ ਉਹ ਸਾਰੀ ਦੁਨੀਆ ਨੇ ਦੇਖਿਆ ਹੈ ਅਤੇ ਹੁਣੇ ਵੀ ਰਾਵਤ ਇਸ ਦੇ ਉਲਟ ਦਾਅਵੇ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਕਿਹਾ, ”ਰਾਵਤ ਨੇ ਖ਼ੁਦ ਜਨਤਕ ਤੌਰ ‘ਤੇ ਕਿਹਾ ਸੀ ਕਿ ਉਹ 2017 ਵਿਚ ਕੀਤੇ ਗਏ ਵਾਅਦਿਆਂ ਮੁਤਾਬਕ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਸੰਤੁਸ਼ਟ ਹਨ। ਅਸਲ ਵਿਚ ਰਾਵਤ ਨੇ ਪਹਿਲੀ ਸਤੰਬਰ ਨੂੰ ਹੀ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ ਅਤੇ ਹਾਈ ਕਮਾਂਡ ਦੀ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੋਈ ਮਨਸ਼ਾ ਨਹੀਂ ਹੈ, ਤਾਂ ਹੁਣ ਉਹ ਇਹ ਦਾਅਵਾ ਕਿਵੇਂ ਕਹਿ ਸਕਦੇ ਹਨ ਕਿ ਪਾਰਟੀ ਲੀਡਰਸ਼ਿਪ ਮੇਰੇ ਕੰਮ ਤੋਂ ਅਸੰਤੁਸ਼ਟ ਸੀ ਅਤੇ ਜੇਕਰ ਹੈ ਵੀ ਸੀ, ਤਾਂ ਉਨ੍ਹਾਂ ਨੇ ਮੈਨੂੰ ਜਾਣਬੁੱਝ ਕੇ ਹਨੇਰੇ ਵਿਚ ਕਿਉਂ ਰੱਖਿਆ?”