ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 11 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ, ਸ੍ਰੀਨਗਰ ਤੇ ਮੇਘਾਲਿਆ ਵਿੱਚ ਵਾਪਰੀਆਂ ਘਟਨਾਵਾਂ ਨੇ ਘੱਟ ਗਿਣਤੀ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਤੇ ਬੇਗਾਨਗੀ ਦੀ ਭਾਵਨਾ ਪੈਦਾ ਕੀਤੀ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਘੱਟ-ਗਿਣਤੀਆਂ ਦੀ ਨੁਮਾਇੰਦਾ ਪਾਰਟੀ ਹੋਣ ਨਾਤੇ ਪੀੜਤ ਅਤੇ ਪ੍ਰਭਾਵਿਤ ਲੋਕਾਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਨੂੰ ਹੌਸਲਾ ਦੇਣ ਅਤੇ ਵਿਸ਼ਵਾਸ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਇੱਕ ਉੱਚ ਪੱਧਰੀ ਵਫ਼ਦ ਲਖੀਮਪੁਰ ਗਿਆ ਸੀ ਤੇ ਹੁਣ 13 ਅਕਤੂਬਰ ਨੂੰ ਪਾਰਟੀ ਆਗੂਆਂ ਦਾ ਵਫ਼ਦ ਸ੍ਰੀਨਗਰ ਅਤੇ ਮੇਘਾਲਿਆ ‘ਚ ਜਾਵੇਗਾ। ਉਥੇ ਵਫ਼ਦ ਪ੍ਰੇਮ ਸਿੰਘ ਚੰਦੂਮਾਜਰਾ ਤੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਨੂੰ ਮਿਲੇਗਾ।