ਮਨਪ੍ਰੀਤ ਬਾਦਲ ਨੇ ਕੇਂਦਰੀ ਮੰਤਰੀ ਨੂੰ ਮਿਲ ਕੇ ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਾਉਣ ਦੀ ਮੰਗ ਕੀਤੀ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 22 ਅਕਤੂਬਰ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿੱਚ ਕੇਂਦਰੀ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਮੰਤਰੀ ਮਨਸੁਖ ਐੱਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼ ਖਾਸ ਤੌਰ ‘ਤੇ ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਲਈ ਫਾਇਦੇਮੰਦ ਹੋਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ-ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ‘ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਤਰਜੀਹ ਦੇਣਗੇ। ਸ੍ਰੀ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ 100,000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200,000 ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।



Source link