ਪੱਤਰ ਪ੍ਰੇਰਕ
ਸਮਰਾਲਾ, 24 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਕਿਸਾਨਾਂ ਦੀ ਤਬਾਹੀ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਨੂੰ ‘ਕੌਮੀ ਨੁਕਸਾਨ’ ਐਲਾਨਦੇ ਹੋਏ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰੇ। ਉਨ੍ਹਾਂ ਆਖਿਆ ਕਿ, ਪੰਜਾਬ ‘ਚ ਝੋਨੇ ਦੀ ਕੁੱਲ ਪੈਦਾਵਾਰ ਕਰੀਬ 185 ਲੱਖ ਮੀਟਰਕ ਟਨ ਫ਼ਸਲ ਵਿੱਚੋਂ ਸਿਰਫ ਤੀਜਾ ਹਿੱਸਾ 65 ਲੱਖ ਮੀਟਰਕ ਟਨ ਫ਼ਸਲ ਦੀ ਹੀ ਖਰੀਦ ਹੋਈ ਹੈ, ਜਦਕਿ ਖੇਤਾਂ ਵਿੱਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟਰਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭਾਰੀ ਬਰਸਾਤ ਦੇ ਨਾਲ-ਨਾਲ ਹੋਈ ਗੜੇਮਾਰੀ ਨੇ ਫ਼ਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ, ਤੇ ਤਿਆਰ ਖੜੀਆਂ ਫ਼ਸਲਾਂ ਡਿੱਗਣ ਕਾਰਨ 100 ਫੀਸਦੀ ਨੁਕਸਾਨੀਆਂ ਗਈਆਂ ਹਨ। ਇਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦਾ ਵੱਡਾ ਨੁਕਸਾਨ ਹੋਇਆ ਹੈ।
ਪਟਿਆਲਾ(ਸਰਬਜੀਤ ਸਿੰਘ ਭੰਗੂ): ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਸਾਨਾਂ ਦੇ ਮੀਂਹ ਤੇ ਗੜੇਮਾਰੀ ਕਰਕੇ ਫਸਲਾਂ ਦੇ ਹੋੲੇ ਨੁਕਸਾਨ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਾਈ ਹਨ, ਉਪਰੋਂ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਫਸਲਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ। ਮੰਡੀਆਂ ‘ਚ ਵੀ ਪਾਣੀ ਭਰਨ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾਣ ਅਤੇ ਕਿਸਾਨਾਂ ਨੂੰ ਨੁਕਸਾਨੀਆਂ ਫਸਲਾਂ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਇਸੇ ਦੌਰਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਰਘਵੀਰ ਸਿੰਘ ਨਿਆਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਤੇ ਇਸੇ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਹਰਜਿੰਦਰ ਸਿੰਘ ਢੈਂਠਲ ਚੀਮਾ ਸਮੇਤ ਕਈ ਹੋਰ ਕਿਸਾਨ ਨੇਤਾਵਾਂ ਨੇ ਵੀ ਤਾਜ਼ਾ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਉਨ੍ਹਾਂ ਨੁਕਸਾਨ ਨੂੰ ਕਿਸਾਨਾਂ ਲਈ ਵੱਡੀ ਤਬਾਹੀ ਦੱਸਦਿਆ ਕਿਹਾ ਕਿ, ਦੇਸ਼ ਲਈ ਅੰਨ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕੁਦਰਤੀ ਆਫ਼ਤ ਫੰਡ ਦੇ ਪੁਰਾਣੇ ਪੈਮਾਨੇ ਵਿੱਚ ਤਬਦੀਲੀ ਕਰਕੇ ਪ੍ਰਤੀ ਏਕੜ ਨੁਕਸਾਨ ਦੀ ਰਾਸ਼ੀ 12 ਹਜ਼ਾਰ ਰੁਪਏ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰ ਹੋ ਕੇ ਇਸ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਅਤੇ ਨਾਲੋ-ਨਾਲ ਮੁਆਵਜਾ ਰਾਸ਼ੀ ਦੀ ਵੰਡ ਲਈ ਫੈਸਲਾ ਲਵੇ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਬਠਿੰਡਾ, ਸੰਗਰੂਰ, ਮੋਗਾ, ਲੁਧਿਆਣਾ, ਮੁਕਤਸਰ, ਫਤਿਹਗੜ੍ਹ ਸਾਹਿਬ ਆਦਿ ਸਮੇਤ ਲਗਪਗ ਸਾਰੇ ਪਾਸੇ ਹੀ ਵੱਡੇ ਨੁਕਸਾਨ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਕਿ ਪੱਕੀਆਂ ਹੋਈਆਂ ਫ਼ਸਲਾਂ ਨੂੰ ਖੇਤਾਂ ਵਿੱਚ ਖੜੇ ਮੀਂਹ ਦੇ ਪਾਣੀ ਵਿੱਚੋਂ ਬਾਹਰ ਕੱਢਣ ਲਈ ਵੀ ਕਿਸਾਨਾਂ ਨੂੰ ਹੁਣ ਭਾਰੀ ਜਦੋ-ਜਹਿਦ ਕਰਨੀ ਪਵੇਗੀ ਅਤੇ ਹਾਲੇ ਵੀ ਮੌਸਮ ਦੀ ਕਰੋਪੀ ਦਾ ਕੋਈ ਪਤਾ ਨਹੀਂ, ਕਿ ਹੋਰ ਕਿੰਨਾ ਨੁਕਸਾਨ ਕਰਦਾ ਹੈ।