ਮੁੰਬਈ, 28 ਅਕਤੂਬਰ
ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੁੰਬਈ ਖੇਤਰੀ ਇਕਾਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਦੀ ਭੈਣ ਯਾਸਮੀਨ ਵਾਨਖੇੜੇ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਖ਼ਿਲਾਫ਼ ਉਸ ਨੂੰ ਬਦਨਾਮ ਕਰਨ ਲਈ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਨਸ਼ੇ ਦੇ ਮਾਮਲੇ ‘ਚ ਗ੍ਰਿਫਤਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਰਿਹਾਅ ਕਰਨ ਲਈ ਸਮੀਰ ‘ਤੇ ਪੈਸੇ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਐੱਨਸੀਬੀ ਦਾ ਵਿਜੀਲੈਂਸ ਜਾਂਚ ਕਰ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਓਸ਼ੀਵਾਰਾ ਥਾਣੇ ਸਟੇਸ਼ਨ ‘ਚ ਦਰਜ ਕਰਵਾਈ ਗਈ ਦੋ ਪੰਨਿਆਂ ਦੀ ਸ਼ਿਕਾਇਤ ‘ਚ ਯਾਸਮੀਨ ਵਾਨਖੇੜੇ ਨੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ‘ਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਮਲਿਕ ਨੇ ਉਨ੍ਹਾਂ ਦੇ ਪਰਿਵਾਰ ਦੀ ਮਾਲਦੀਵ ਯਾਤਰਾ ਨੂੰ ‘ਵਸੂਲੀ ਯਾਤਰਾ’ ਕਰਾਰ ਦਿੱਤਾ ਹੈ। ਉਸ ਨੇ ਦੋਸ਼ ਲਾਇਆ ਕਿ ਮਲਿਕ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸ਼ਿਕਾਇਤ ਵਿੱਚ ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦੀ ਆਨਲਾਈਨ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਸ਼ੇਅਰ ਕੀਤੀਆਂ ਗਈਆਂ ਆਪਣੀਆਂ ਨਿੱਜੀ ਤਸਵੀਰਾਂ ਮੰਤਰੀ ਮੀਡੀਆ ਨੂੰ ਭੇਜ ਰਿਹਾ ਹੈ। ਓਸ਼ੀਵਾਰਾ ਥਾਣੇ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਹਫ਼ਤੇ ਯਾਸਮੀਨ ਦੀ ਲਿਖਤੀ ਸ਼ਿਕਾਇਤ ਮਿਲੀ ਸੀ ਪਰ ਹਾਲੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।