ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਪੰਜਾਬ ਮੰਤਰੀ ਮੰਡਲ ਨੇ ਅੱਜ ਘਰੇਲੂ ਖ਼ਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਉਣ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿਚ 11 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਲਏ ਗਏ ਹਨ। ਜ਼ਿਕਰਯੋਗ ਹੈ ਕਿ ਬਿਜਲ ਸਸਤੀ ਕਰਨ ਨਾਲ ਖ਼ਜ਼ਾਨੇ ਉੱਤੇ ਸਾਲਾਨਾ 3,316 ਕਰੋੜ ਰੁਪੲੇ ਦਾ ਬੋਝ ਪਏਗਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, ”ਅਸੀਂ ਘਰੇਲੂ ਖ਼ਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਘਟਾ ਰਹੇ ਹਨ। ਇਹ ਸੂਬੇ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਹੈ। ਇਹ ਫ਼ੈਸਲਾ ਤੁਰੰਤ ਲਾਗੂ ਹੋਵੇਗਾ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਰਵੇਖਣ ਕੀਤਾ ਗਿਆ ਸੀ, ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ ਲੋਕ ਮਿਆਰੀ ਅਤੇ ਸਸਤੀ ਬਿਜਲੀ ਚਾਹੁੰਦੇ ਹਨ।
ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 11 ਫ਼ੀਸਦ ਵਾਧਾ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ। ਹਰੇਕ ਮਹੀਨੇ ਮਹਿੰਗਾਈ ਭੱਤਾ ਦੇਣ ਲਈ 440 ਕਰੋੜ ਰੁਪਏ ਰੱਖੇ ਗਏ ਹਨ। ਕੁੱਲ 14 ਫ਼ੀਸਦ ਡੀਏ ਵਿੱਚੋਂ 11 ਫ਼ੀਸਦ ਡੀਏ ਕਿਸ਼ਤਾਂ ਵਿਚ ਦਿੱਤਾ ਜਾਵੇਗਾ।