ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਆਧਾਰਿਤ ਯੂਨੀਵਰਸਿਟੀ ਨੂੰ ਨੌਕਰੀ ਤੋਂ ਬਰਖਾਸਤ ਕੀਤੇ ਸਹਾਇਕ ਪ੍ਰੋਫੈਸਰ ਨੂੰ ਬਹਾਲ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਸਿਖਰਲੀ ਅਦਾਲਤ ਨੇ ਸਹਾਇਕ ਪ੍ਰੋਫੈਸਰ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਬਰਖਾਸਤਗੀ ਨੂੰ ‘ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਮਾਰਚ 2007 ਵਿੱਚ ਯੂਨੀਵਰਸਿਟੀ ਵੱਲੋਂ ਬਰਖਾਸਤ ਕੀਤੇ ਸਹਾਇਕ ਪ੍ਰੋਫੈਸਰ ਨੇ ਸਿਖਰਲੀ ਅਦਾਲਤ ਵਿੱਚ ਅਲਾਹਾਬਾਦ ਹਾਈ ਕੋਰਟ ਦੇ ਫਰਵਰੀ 2008 ਵਿੱਚ ਸੁਣਾੲੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਕਿ ਜਿਸ ਵਿੱਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਵੱਲੋਂ ਪੋਸਟ ਖ਼ਤਮ ਕਰਨ ਤੇ ਉਸ ਦੀਆਂ ਸੇਵਾਵਾਂ ਨੂੰ ਬਰਖਾਸਤ ਕਰਨ ਦੇ ਹੁਕਮਾਂ ਵਿੱਚ ਨਾ ਤਾਂ ਕੁਝ ਗੈਰਕਾਨੂੰਨੀ ਤੇ ਨਾ ਹੀ ਕੋਈ ਨੁਕਸ ਹੈ। ਜਸਟਿਸ ਵਿਕਰਮ ਨਾਥ ਤੇ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਸਹਾਇਕ ਪ੍ਰੋਫੈਸਰ ਨੂੰ ਬਹਾਲ ਕਰਨ ਤੇ ਪੈਨਸ਼ਨ ਤੇ ਸੇਵਾ ਮੁਕਤੀ ਦੇ ਹੋਰ ਲਾਭ (ਸਿਰਫ਼ ਸੇਵਾ ਦੀ ਲਗਾਤਾਰਤਾ ਦੇ ਲਾਭ ਵਜੋਂ) ਦੇਣ ਲਈ ਕਿਹਾ ਹੈ। -ਪੀਟੀਆਈ