ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 16 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਜਥੇ ਵਜੋਂ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿੱਚ ਨਤਮਸਤਕ ਹੋਵੇਗੀ। ਅੱਜ ਕਾਂਗਰਸ ਦੇ ਮਰਹੂਮ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਿਹਾ ਸੀ। ਮੁੱਖ ਮੰਤਰੀ ਨੇ ਮਰਹੂਮ ਸੰਤੋਖ ਸਿੰਘ ਰੰਧਾਵਾ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ ਜੋ ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਹੋਏ ਹਨ।ਇਸ ਮੌਕੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜੀਰਾ, ਅਮਿਤ ਵਿੱਜ, ਦਰਸਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।