ਲੁਧਿਆਣਾ, 22 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਵਿਚ ਜਮਹੂਰੀ ਅਤੇ ਮੁਨੱਖੀ ਹੱਕਾਂ ਦੀ ਰਾਖੀ ਲਈ ਇੱਕ ‘ਇਤਿਹਾਸਕ ਲਹਿਰ’ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚੰਨੀ ਨਾਲ ਹਾਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਸ਼ਹੀਦ ਹੋਏ ਕਿਸਾਨਾਂ ਵਿੱਚੋਂ ਪੰਜ ਦੇ ਵਾਰਿਸਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਸ੍ਰੀ ਚੰਨੀ ਨੇ ਕਿਹਾ ਕਿ ਇਸ ਲਹਿਰ (ਅੰਦੋਲਨ) ਨੇ ਦੇਸ਼ ਵਿੱਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਦੇਸ਼ ਵਾਸੀਆਂ ਨੂੰ ਹਮੇਸ਼ਾ ਉਨ੍ਹਾਂ ਦੇ ਜਮਹੂਰੀ ਅਤੇ ਮਨੁੱਖੀ ਹੱਕਾਂ ਵਾਸਤੇ ਸ਼ਾਂਤਮਈ ਲੜਾਈ ਲੜਨ ਲਈ ਪ੍ਰੇਰਦਾ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਦੇਸ਼ ਦੇ ਅੰਨ ਉਤਪਾਦਕਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ ਉਦੋਂ ਤਿੰਨੋ ਕਾਲੇ ਖੇਤੀ ਕਾਨੂੰਨਾਂ ਵਾਪਸ ਲੈਣ ਦੇ ਐਲਾਨ ਦਾ ਕੋਈ ਆਧਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਖਰੀਦਣਾ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਕਿ ਉਨ੍ਹਾ ਪ੍ਰਾਈਵੇਟ ਵਿਚੋਲਿਆਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। -ਆਈਏਐੱਨਐੱਸ