ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 25 ਨਵੰਬਰ

ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਤਿੰਨ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਵਿੱਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ ਉਥੇ ਹੀ ਉਹ ਸ੍ਰੀ ਕਰਤਾਰਪੁਰ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਪੁਰਖ ਸਨ। ਇਸ ਮੌਕੇ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ।



Source link