ਦਰਸ਼ਨ ਸਿੰਘ ਸੋਢੀ
ਮੁਹਾਲੀ, 27 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਸਾਰੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ‘ਤੇ ਪੱਕੇ ਕੀਤਾ ਜਾਵੇਗਾ। ਉਹ ਅੱਜ ਇੱਥੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ‘ਤੇ ਬੈਠੇ ਕੱਚੇ ਅਧਿਆਪਕਾਂ ਦਾ ਦੁੱਖੜਾ ਸੁਣਨ ਪਹੁੰਚੇ ਸੀ। ਧਰਨੇ ਤੋਂ ਵਾਪਸ ਜਾਂਦੇ ਸਮੇਂ ਰਸਤੇ ਵਿੱਚ ਕੇਜਰੀਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਅਤੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਦੁਖੜਾ ਵੀ ਸੁਣਿਆ ਅਤੇ ਇਨਸਾਫ਼ ਦਾ ਭਰੋਸਾ ਦਿੱਤਾ। ਕੱਚੇ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਚੋਣਾਂ ਨੇੜੇ ਆਉਣ ਕਾਰਨ ਮੁੱਖ ਮੰਤਰੀ ਐਲਾਨ ‘ਤੇ ਐਲਾਨ ਕਰੀ ਜਾ ਰਹੇ ਹਨ ਜਦੋਂਕਿ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਜ਼ਦੂਰ ਵੀ ਪ੍ਰਤੀ ਮਹੀਨਾ 15 ਹਜ਼ਾਰ ਕਮਾ ਲੈਂਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਨੂੰ ਮਹਿਜ਼ 6 ਹਜ਼ਾਰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਅਧਿਆਪਕਾਂ ਨੂੰ ਕਲਾਸਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਹੋਣਾ ਸੀ, ਉਹ ਇਨਸਾਫ਼ ਲਈ ਸੜਕਾਂ ‘ਤੇ ਰੁਲ ਰਹੇ ਹਨ। ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪਹਿਲਾਂ 10 ਸਾਲ ਅਕਾਲੀਆਂ ਨੇ ਕੁੱਟਿਆ, ਫਿਰ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਇਨਸਾਫ਼ ਦੇਣ ਦੀ ਥਾਂ ਪੁਲੀਸ ਤੋਂ ਲਾਠੀਚਾਰਜ ਕਰਵਾ ਰਹੀ ਹੈ। ਜਦੋਂਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਪਰ 5 ਸਾਲਾਂ ਵਿੱਚ ਇਕ ਅਧਿਆਪਕ ਨੂੰ ਵੀ ਪੱਕਾ ਨਹੀਂ ਕੀਤਾ ਗਿਆ।
ਮੁਲਾਜ਼ਮ ਆਗੂ ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਜਲੰਧਰ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ, ਕਰਮਿੰਦਰ ਸਿੰਘ ਪਟਿਆਲਾ, ਕੁਲਦੀਪ ਸਿੰਘ ਬੱਡੂਵਾਲ, ਜਸਵੰਤ ਸਿੰਘ ਪੰਨੂ, ਨਵਦੀਪ ਸਿੰਘ ਬਰਾੜ, ਸਤਿੰਦਰ ਸਿੰਘ ਕੰਗ, ਨਿਸ਼ਾਂ:ਤ ਕਪੂਰਥਲਾ, ਅਸ਼ੋਕ ਫਿਰੋਜ਼ਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਪਾਰ ਵਿੰਗ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ, ਡਾ. ਸੰਨੀ ਆਹਲੂਵਾਲੀਆ, ਪ੍ਰਭਜੋਤ ਕੌਰ, ਗੁਰਮੇਲ ਸਿੰਘ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ।