ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਹੱਕ ਮੰਗਣ ਲਈ ਟੈਂਕੀ ’ਤੇ ਚੜ੍ਹਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਹੁਕਮ


ਪਰਮਜੀਤ ਸਿੰਘ

ਫਾਜ਼ਿਲਕਾ, 4 ਦਸੰਬਰ

ਜ਼ਿਲ੍ਹਾ ਮੈਜਿਸਟਰੇਟ ਮੈਡਮ ਬਬੀਤਾ ਕਲੇਰ ਨੇ ਹੁਕਮ ਜਾਰੀ ਕਰਦਿਆਂ ਹੱਕ ਮੰਗਣ ਖਾਤਰ ਵਿਰੋਧ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਤਾੜਨਾ ਦਿੱਤੀ ਹੈ। ਜਾਰੀ ਹੁਕਮ ਮੁਤਾਬਕ, ਜ਼ਿਲ੍ਹਾ ਫਾਜ਼ਿਲਕਾ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ/ ਚੌਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਅਜਿਹੀਆਂ ਟੈਂਕੀਆ ‘ਤੇ ਚੜ੍ਹਨ ਤੋਂ ਰੋਕਿਆ ਜਾ ਸਕੇ। ਫਾਜ਼ਿਲਕਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ। ਇਹ ਹੁਕਮ ਅਗਲੇ ਸਾਲ 31 ਜਨਵਰੀ ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਨਾ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਬਬੀਤਾ ਕਲੇਰ ਨੇ ਇਕ ਹੋਰ ਹੁਕਮ ਵਿੱਚ ਕੌਮਾਂਤਰੀ ਬਾਰਡਰ ਏਰੀਆ ਦੇ ਨਾਲ ਲੱਗਦੇ ਚਾਰ ਕਿਲੋਮੀਟਰ ਦੇ ਏਰੀਏ ‘ਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲੱਗਾ ਦਿੱਤੀ ਗਈ ਹੈ। ਇਨ੍ਹਾਂ ਹੁਕਮਾਂ ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਾਥੀ ਸ਼ੁਬੇਗ ਝੰਗੜ ਭੈਣੀ ਨੇ ਕਿਹਾ ਕਿ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨਾ ਦੇਸ਼ ਦੇ ਸੰਵਿਧਾਨ ਦੀ ਘੋਰ ਉਲੰਘਣਾ ਹੈ। ‘ਆਪ’ ਆਗੂ ਜਗਦੀਪ ਗੋਲਡੀ ਨੇ ਕਿਹਾ ਕਿ ਚੰਨੀ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ। ਲੋਕਾਂ ਦੇ ਵੱਧ ਰਹੇ ਗੁੱਸੇ ਨੂੰ ਨਾਦਰਸ਼ਾਹੀ ਹੁਕਮਾਂ ਨਾਲ ਨਹੀਂ ਸ਼ਾਂਤ ਕੀਤਾ ਜਾ ਸਕਦਾ।

ਆਸ਼ਾ ਵਰਕਰਾਂ ਵੱਲੋਂ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਐਲਾਨ

ਫਾਜ਼ਿਲਕਾ (ਪੱਤਰ ਪ੍ਰੇਰਕ): ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੇਟਰ ਯੂਨੀਅਨ (ਏਟਕ) ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਨੀਲਮ ਰਾਣੀ ਜਲਾਲਾਬਾਦ ਦੀ ਅਗਵਾਈ ਹੇਠ ਸਥਾਨਕ ਪ੍ਰਤਾਪ ਬਾਗ਼ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਅਤੇ ਜ਼ਿਲ੍ਹਾ ਸਕੱਤਰ ਨੀਲਮ ਰਾਣੀ ਨੇ ਕਿਹਾ ਕਿ ਫਾਜ਼ਿਲਕਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਨਵੇਂ ਬਣੇ ਹਸਪਤਾਲ ਅਤੇ ਬੱਸ ਸਟੈਂਡ ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਯੂਨੀਅਨ ਮੈਂਬਰਾਂ ਨੇ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਪੰਜਾਬ ਸਰਕਾਰ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ।Source link