ਚੰਨੀ ਦੇ ਆਪਣੇ ਹਲਕੇ ’ਚ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ: ਕੇਜਰੀਵਾਲ


ਚੰਡੀਗੜ੍ਹ, 7 ਦਸੰਬਰ

‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਸੂਬੇ ‘ਚ 20,000 ਕਰੋੜ ਰੁਪਏ ਦੀ ਰੇਤ ਦੀ ਚੋਰੀ ਕੀਤੀ ਜਾ ਰਹੀ ਹੈ। ਸ੍ਰੀ ਕੇਜਰੀਵਾਲ ਨੇ ਸ੍ਰੀ ਚੰਨੀ ਦੇ ਹਲਕੇ ਵਿੱਚ ਕਥਿਤ ਗੈਰ ਕਾਨੂੰਨੀ ਰੇਤ ਮਾਈਨਿੰਗ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਨ ਅਤੇ ਕੇਸ ਦਰਜ ਕਰਨ ਦੀ ਮੰਗ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਅੰਮ੍ਰਿਤਸਰ ਹਵਾਈ ਅੱਡੇ ਦੇ ਬਾਹਰ ਕਿਹਾ, ‘ਜੇ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤਾਂ ਇਹ ਬਚਗਾਨੀ ਗੱਲ ਹੋਵੇਗੀ ਕਿ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਹੈ।’

ਕਰਤਾਰਪੁਰ(ਗੁਰਨੇਕ ਸਿੰਘ ਵਿਰਦੀ): ਸੂਬੇ ਵਿੱਚ ਸਿਆਸੀ ਸਰਪ੍ਰਸਤੀ ਹੇਠ ਰੇਤ ਮਾਫੀਆ ਕੰਮ ਕਰ ਰਿਹਾ ਹੈ. ਇਸ ਨਾਲ ਸੂਬੇ ਵਿੱਚੋ ਸਾਲਾਨਾ ਵੀਹ ਹਜ਼ਾਰ ਕਰੋੜ ਰੁਪਏ ਦਾ ਮਾਲੀਆ ਗ਼ੈਰਕਾਨੂੰਨੀ ਢੰਗ ਨਾਲ ਨੇਤਾਵਾਂ ਦੇ ਹੱਥਾਂ ਵਿੱਚ ਪਹੁੰਚ ਜਾਂਦਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਅਠਾਰਾਂ ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਦਿੱਤੀ ਗਰੰਟੀ ਤਹਿਤ ਇਕ ਹਜ਼ਾਰ ਰੁਪਏ ਮਹੀਨਾ ਦੇਣ ਲਈ ਫਾਰਮ ਭਰਨ ਹਲਕਾ ਕਰਤਾਰਪੁਰ ਦੇ ਪਿੰਡ ਸਰਾਏ ਖਾਸ ਤੋਂ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਦਿਆਂ ਕਹੀ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਵਿੱਚ ਆਪ ਦੀ ਸਰਕਾਰ ਬਣਨ ਉਪਰੰਤ ਰੇਤ ਮਾਫੀਆ ਉੱਪਰ ਨਕੇਲ ਕੱਸੀ ਜਾਵੇਗੀ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਪਰ ਸਿਆਸੀ ਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਗੈਰਕਾਨੂੰਨੀ ਰੇਤ ਮਾਫੀਆ ਪੂਰੀ ਤਰ੍ਹਾਂ ਸਰਗਰਮ ਹੈ। ਉਸ ਉੱਤੇ ਕਾਰਵਾਈ ਕਰਨ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਉਨ੍ਹਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਫੇਰ ਸਿਆਸੀ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਤੋਂ ਭਰਵਾਏ ਗਏ ਫਾਰਮ ਕੈਪਟਨ ਵੱਲੋਂ ਭਰਵਾਏ ਗਏ ਘਰ ਘਰ ਨੌਕਰੀ ਦੇ ਕਾਰਡਾਂ ਤੋਂ ਬਿਲਕੁਲ ਵੱਖਰੇ ਹੋਣਗੇ। ਉਨ੍ਹਾਂ ਸੂਬੇ ਵਿੱਚ ਸਰਕਾਰੀ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਦਿੱਲੀ ਦਿੱਲੀ ਦੀ ਤਰਜ਼ ਤੇ ਬਣਾ ਕੇ ਆਮ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਬਿਹਤਰ ਰੂਪ ਵਿੱਚ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫਾਰਮ ਭਰਨ ਲਈ ਆਮ ਆਦਮੀ ਪਾਰਟੀ ਦੇ ਵkਲੰਟੀਅਰ ਘਰ ਘਰ ਜਾਣਗੇ।

ਮੈਂਬਰ ਪਾਰਲੀਮੈਂਟ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਲਈ ਵਚਨਬੱਧ ਹੈ। ਉਨ੍ਹਾਂ ਸਮੇਂ ਦੀ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਰੁਜ਼ਗਾਰ ਅਤੇ ਬਿਹਤਰ ਸਹੂਲਤਾਂ ਦੇਣ ਦੀ ਬਜਾਏ ਆਮ ਲੋਕਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਗ਼ਰੀਬੀ ਦੀ ਦਲਦਲ ਵਿੱਚੋਂ ਕੱਢਿਆ ਜਾ ਸਕਦਾ ਹੈ ਇਸ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ। ਇਸ ਮੌਕੇ ਹਲਕਾ ਕਰਤਾਰਪੁਰ ਦੇ ਇੰਚਾਰਜ ਡੀਸੀਪੀ ਬਲਕਾਰ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਕਾਂਗਰਸ ਆਪਣਾ ਆਧਾਰ ਗਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਕਰਤਾਰਪੁਰ ਸ਼ਹਿਰ ਮੁੱਢਲੀਆਂ ਸਹੂਲਤਾਂ ਲਈ ਵੀ ਤਰਸ ਰਿਹਾ ਹੈ।

ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਕੁੰਵਰ ਵਿਜੇ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਹਰਿੰਦਰ ਸਿੰਘ ਢੀਂਡਸਾ, ਡਾ. ਮਹਿੰਦਰਜੀਤ ਸਿੰਘ ਮਰਵਾਹਾ, ਗੁਰਪਾਲ ਸਿੰਘ ਮਾਂਗੇਕੀ, ਕਰਤਾਰਪੁਰ ਸ਼ਹਿਰੀ ਦੇ ਪ੍ਰਧਾਨ ਭਾਰਤ ਸ਼ਰਮਾ ਤੇ ਸੁਰਿੰਦਰਪਾਲ ਰਾਮਜੀ ਕਲੇਰ ਮੌਜੂਦ ਸਨ।Source link