ਦਰਸ਼ਨ ਸਿੰਘ ਸੋਢੀ
ਮੁਹਾਲੀ, 7 ਦਸੰਬਰ
ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਕਾਂਗਰਸ ਆਗੂ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ‘ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਬੀਤੀ 3 ਦਸੰਬਰ ਨੂੰ ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿੱਚ ਕਰੀਬ 5 ਘੰਟੇ ਚਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਖੁੱਲ੍ਹਾ ਸਮਾਂ ਦਿੱਤਾ ਸੀ ਅਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਅੱਜ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ‘ਚੋਂ ਰਿਹਾਅ ਕੀਤਾ ਜਾਵੇ।
ਇਸ ਸਮੇਂ ਸੁਖਪਾਲ ਖਹਿਰਾ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ਲ ਰਿਮਾਂਡ 16 ਦਸੰਬਰ ਤੱਕ ਹੋਰ ਅੱਗੇ ਵਧਾ ਦਿੱਤਾ ਸੀ।