ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਦਸੰਬਰ
ਇਥੇ ਸਿੰਘੂ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਬੈਠਕ ਦੌਰਾਨ ਕਈ ਫ਼ੈਸਲੇ ਲਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਵਿੱਚ 116 ਥਾਵਾਂ ਉਪਰ ਚੱਲ ਰਹੇ ਧਰਨੇ 15 ਦਸੰਬਰ ਨੂੰ ਖ਼ਤਮ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਦਾ ਮੋਰਚਾ 378 ਦਿਨ ਚੱਲਿਆ ਅਤੇ ਕੇਂਦਰ ਸਰਕਾਰ ਨੇ ਲਿਖਤੀ ਤੌਰ ‘ਤੇ ਮੰਗਾਂ ਮੰਨ ਲਈਆਂ ਹਨ। ਮੋਰਚੇ ਦੀ ਅਗਲੀ ਬੈਠਕ 15 ਜਨਵਰੀ 2022 ਨੂੰ ਹੋਵੇਗੀ ਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ, ਸਰਦੀ, ਮੀਂਹ, ਹਨੇਰੀ ਆਦਿ ਕੁਦਰਤੀ ਦੁਸ਼ਵਾਰੀਆਂ ਸਹਿ ਕੇ ਆਖਰ ਕਿਸਾਨਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਇਹ ਇਤਿਹਾਸਕ ਪ੍ਰਾਪਤੀ ਸਾਰਿਆਂ ਨੂੰ ਲੰਬਾ ਸਮਾਂ ਯਾਦ ਰਹੇਗੀ। ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਜਿੱਤਣ ਬਾਅਦ ਵੀ ਉਹ ਘਰ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਖੇਤੀ ਦਾ ਕਿੱਤਾ ਲੰਬੇ ਸਮੇਂ ਤੋਂ ਘਾਟੇ ਦਾ ਕਿੱਤਾ ਬਣਿਆ ਹੋਇਆ ਹੈ। ਹੁਣ ਇਸ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਪੁੱਠਾ ਗੇੜਾ ਦੇਣ ਲਈ ਲੰਬੇ ਸੰਘਰਸ਼ ਉਲੀਕਣੇ ਪੈਣਗੇ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਔਰਤਾਂ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੇ ਸੰਘਰਸ਼ ਨੂੰ ਮਜ਼ਬੂਤ ਕੀਤਾ ਜਿਸ ਕਾਰਨ ਕਿਸਾਨ ਤਾਨਾਸ਼ਾਹ ਸਰਕਾਰ ਨੂੰ ਝੁਕਾਉਣ ਵਿੱਚ ਕਾਮਯਾਬ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕਿਸਾਨ ਅੰਦੋਲਨ ‘ਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਕੱਠਾਂ ਵਿੱਚ ਕਿਸਾਨ ਔਰਤਾਂ ਦੀ ਸਰਗਰਮ ਸ਼ਮੂਲੀਅਤ ਨੇ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿੱਚ ਪਿੱਛੇ ਰਹਿਣ ਵਾਲੀਆਂ ਨਹੀਂ ਹਨ।
ਹਕੂਮਤਾਂ ਨੂੰ ਲੋਕ ਵਿਰੋਧੀ ਫੈ਼ਸਲੇ ਲੈਣ ਤੋਂ ਰੋਕਣ ਲਈ ਏਕੇ ‘ਤੇ ਜ਼ੋਰ
ਚੰਡੀਗੜ੍ਹ (ਟਨਸ): ਪੰਜਾਬ ਵਿੱਚ ਸਵਾ ਸੌ ਤੋਂ ਵੱਧ ਥਾਵਾਂ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਵਪਾਰਕ ਟਿਕਾਣਿਆਂ, ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਆਦਿ ‘ਤੇ ਚੱਲ ਰਹੇ ਧਰਨਿਆਂ ਉਪਰ ਅੱਜ ਕਿਸਾਨ ਮੋਰਚੇ ਦੀ ਜਿੱਤ ਦੇ ਜਸ਼ਨ ਮਨਾਏ ਗਏ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਤੇ ਕਿਰਤੀਆਂ ਦੀ ਜਿੱਤ ਨੇ ਹੈਂਕੜਬਾਜ਼ ਤੇ ਜ਼ਿੱਦੀ ਹਕੂਮਤ ਦੀਆਂ ਗੋਡਣੀਆਂ ਲਵਾਈਆਂ ਹਨ ਉਸੇ ਤਰ੍ਹਾਂ ਭਵਿੱਖ ਵਿੱਚ ਵੀ ਹਕੂਮਤਾਂ ਨੂੰ ਲੋਕ ਵਿਰੋਧੀ ਫੈਸਲੇ ਲੈਣ ਤੋਂ ਰੋਕਣ ਲਈ ਲੰਬੇ ਸੰਘਰਸ਼ਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਪੂਰੇ ਦੇਸ਼ ਦੇ ਕਿਸਾਨਾਂ ਨੇ ਏਕਤਾ ਦਿਖਾਈ ਹੈ ਉਸੇ ਤਰ੍ਹਾਂ ਦਾ ਏਕਾ ਬਣਾ ਕੇ ਰੱਖਣ ਦੀ ਜ਼ਰੂਰਤ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਇੱਕ ਸਾਲ ਦੇ ਵੀ ਵੱਧ ਸਮੇਂ ਦੌਰਾਨ ਜਿਸ ਤਰ੍ਹਾਂ ਸੰਘਰਸ਼ ਵਿੱਚ ਸ਼ਾਮਲ ਲੋਕਾਂ ਨੇ ਲਗਾਤਾਰ ਅਤਿ ਦੀ ਗਰਮੀ, ਸਰਦੀ, ਮੀਂਹ, ਹਨੇਰੀ ਆਦਿ ਕੁਦਰਤੀ ਦੁਸ਼ਵਾਰੀਆਂ ਸਹਿ ਕੇ ਜਿੱਤ ਪ੍ਰਾਪਤ ਕੀਤੀ ਹੈ ਉਸੇ ਤਰ੍ਹਾਂ ਦਾ ਏਕਾ ਬਣਾ ਕੇ ਰੱਖਣ ਦੀ ਲੋੜ ਹੈ। ਇਹ ਇਤਿਹਾਸਕ ਪ੍ਰਾਪਤੀ ਲੰਬਾ ਸਮਾਂ ਯਾਦ ਰਹੇਗੀ।