ਬਿਜਲੀ ਮੁਲਾਜ਼ਮਾਂ ਵੱਲੋਂ ਮੋਰਿੰਡਾ ਵਿੱਚ ਸੂਬਾਈ ਧਰਨਾ


ਪੱਤਰ ਪ੍ਰੇਰਕ

ਮੋਰਿੰਡਾ, 15 ਦਸੰਬਰ

ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੇ ਸੱਦੇ ‘ਤੇ ਬਿਜਲੀ ਮੁਲਾਜ਼ਮਾਂ ਵੱਲੋਂ ਨਿੱਜੀਕਰਨ, ਠੇਕੇਦਾਰੀ ਸਿਸਟਮ, ਬਰਖਾਸਤ ਕੀਤੇ ਮੁਲਾਜ਼ਮ ਆਗੂ ਬਹਾਲ ਕਰਾਉਣ ਅਤੇ ਪਾਵਰਕੌਮ ਮੈਨੇਜਮੈਂਟ ਦੇ ਅੜੀਅਲ ਵਤੀਰੇ ਖ਼ਿਲਾਫ਼ ਮੋਰਿੰਡਾ ਵਿੱਚ ਸੂਬਾ ਪੱਧਰੀ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ ਗਿਆ।

ਮੁਲਾਜ਼ਮ ਆਗੂ ਭਰਪੂਰ ਸਿੰਘ ਮਾਂਗਟ ਨੇ ਦੱਸਿਆ ਕਿ ਸ਼ਹਿਰ ਵਿੱਚ ਰੋਸ ਮਾਰਚ ਕਰਨ ਮਗਰੋਂ ਮੁੱਖ ਮੰਤਰੀ ਦੇ ਨਾਂ ਮੈਮੋਰੰਡਮ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਤੇ ਪਾਵਰਕੌਮ ਮੈਨੇਜਮੈਂਟ ਵਿੱਚਕਾਰ ਹੋਏ ਸਮਝੌਤੇ ਤਹਿਤ ਬਰਖਾਸਤ ਕੀਤੇ ਆਗੂਆਂ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹਾਲੇ ਤੱਕ ਇਹ ਬਹਾਲੀ ਨਹੀਂ ਕੀਤੀ ਗਈ ਹੈ। ਸ੍ਰੀ ਮਾਂਗਟ ਨੇ ਦੱਸਿਆ ਕਿ ਮੈਨੇਜਮੈਂਟ ਦਾ ਅੜੀਅਲ ਵਤੀਰਾ ਹੀ ਜਥੇਬੰਦੀ ਨਾਲ ਟਕਰਾਅ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਕਈ ਵਾਰ ਪੰਜਾਬ ਸਰਕਾਰ ਨੂੰ ਮੈਮੋਰੰਡਮ ਦਿੱਤੇ ਹਨ, ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਬਿਜਲੀ ਬਿੱਲ 2021 ਪਾਸ ਕਰਕੇ ਬਿਜਲੀ ਵਿਭਾਗਾਂ ਦਾ ਨਿੱਜੀਕਰਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖਾਲੀ ਅਸਾਮੀਆਂ ਨੂੰ ਭਰਨ ਦੀ ਥਾਂ ਖਤਮ ਕੀਤਾ ਜਾ ਰਿਹਾ ਹੈ ਤੇ ਸਰਕਾਰੀ ਥਰਮਲ ਬੰਦ ਕੀਤੇ ਜਾ ਰਹੇ ਹਨ। ਧਰਨੇ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।



Source link