ਕੇਜਰੀਵਾਲ ਨੇ ਸਿੱਧੂ ਵੱਲੋਂ ਦਿੱਤੀ ਬਹਿਸ ਦੀ ਚੁਣੌਤੀ ਸਵੀਕਾਰੀ


ਆਤਿਸ਼ ਗੁਪਤਾ

ਚੰਡੀਗੜ੍ਹ, 19 ਦਸੰਬਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ‘ਆਪ’ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਸ੍ਰੀ ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਮ ਤੈਅ ਕੀਤਾ ਅਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਹੈ।

ਸ੍ਰੀ ਕੇਜਰੀਵਾਲ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਪ੍ਰਚਾਰ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਚਰਚਾ ਸਕਾਰਾਤਮਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ। ਸ੍ਰੀ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਉਨ੍ਹਾਂ ਦੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨ੍ਹਾਂ ਨਾਲ ਬਹਿਸ ਕਰਨਗੇ। ਪੰਜਾਬ ਦੀ ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ ਹਨ। ‘ਆਪ’ ਦੇ ਸੁਪਰੀਮੋ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਵਾਪਰੀ ਬੇਅਦਬੀ ਦੀ ਘਟਨਾ ‘ਤੇ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਇਸ ਬਾਰੇ ਜਾਂਚ ਹੋਣੀ ਚਾਹੀਦੀ ਹੈ।



Source link