ਸਿਹਤ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਦੇ ਡਰਾਵਿਆਂ ਅਤੇ ਪੁਲਸੀਆ ਜਬਰ ਖ਼ਿਲਾਫ਼ ਧਰਨਾ

ਸਿਹਤ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਦੇ ਡਰਾਵਿਆਂ ਅਤੇ ਪੁਲਸੀਆ ਜਬਰ ਖ਼ਿਲਾਫ਼ ਧਰਨਾ


ਗੁਰਦੀਪ ਸਿੰਘ ਲਾਲੀ

ਸੰਗਰੂਰ, 20 ਦਸੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਐੱਨਐੱਚਐੱਮ ਕੱਚੇ ਸਿਹਤ ਮੁਲਾਜ਼ਮਾਂ ਦੀ ਪੱਕਾ ਕਰਨ ਦੀ ਮੰਗ ਪੂਰੀ ਕਰਨ ਦੀ ਬਜਾਏ ਨਿੱਤ ਦਿਨ ਕਥਿਤ ਡਰਾਵਿਆਂ ਅਤੇ ਪੁਲਸੀਆ ਜਬਰ ਦੇ ਖ਼ਿਲਾਫ਼ ਸਥਾਨਕ ਸਿਵਲ ਹਸਪਤਾਲ ਵਿੱਚ ਧਰਨਾ ਦਿੱਤਾ ਗਿਆ ਅਤੇ ਕਾਂਗਰਸ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਾਅਦਾ ਖ਼ਿਲਾਫ਼ੀ ਦੀ ਕੀਮਤ ਚੁਕਾਉਣ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਗਈ। ਮੁਲਾਜ਼ਮ ਆਗੂ ਡਾ ਰਜਨੀਸ਼ ਗਰਗ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਕੀਤੇ ਬਿਨਾਂ ਜਿੱਥੇ 36,000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਦਿੱਤਾ ਹੈ, ਉੱਥੇ ਹੀ ਐਨਐਚਐਮ ਦੇ ਕੱਚੇ ਸਿਹਤ ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹਾਂ ਦੇ ਕੇ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਐਨਐਚਐਮ ਯੂਨੀਅਨ ਦੇ ਆਗੂਆਂ ਡਾ. ਅਮਰਿੰਦਰ ਕੌਰ, ਪਰਵੀਨ ਰਾਣੀ, ਕਿਰਨਦੀਪ ਕੌਰ ਆਦਿ ਨੇ ਆਖਿਆ ਕਿ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ‘ਤੇ ਨਿੱਤ ਦਿਨ ਪੁਲੀਸ ਜ਼ਬਰ ਕਰਨਾ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਪੂਰੀ ਤਰਾਂ ਮੁਲਾਜ਼ਮ ਹਿੱਤਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਦਾ ਠੋਸ ਹੱਲ ਨਾ ਕਰਨ ‘ਤੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇਸ ਦੀ ਸਿਆਸੀ ਕੀਮਤ ਚੁਕਾਉਣੀ ਪਵੇਗੀ।



Source link