ਗਗਨਦੀਪ ਅਰੋੜਾ
ਲੁਧਿਆਣਾ, 25 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨ ਲੁਧਿਆਣਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਕੇਸ ਵਿੱਚ ਕੋਈ ਸਬੂਤ ਮਿਲਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਸੁਖਬੀਰ ਨੇ ਇਸ ਸਾਰੇ ਮਾਮਲੇ ਪਿੱਛੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪੈਸੇ ਲੈਣ ਸਬੰਧੀ ਇੱਕ ਆਡੀਓ ਲੀਕ ਹੋਈ ਹੈ। ਉਨ੍ਹਾਂ ਨੂੰ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਸੱਚ ਸਾਹਮਣੇ ਆ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਡੀਜੀਪੀ ਸਿਧਾਰਥ ਚਟੋਪਾਧਿਆਏ ਦਾ ਨਾਂ ਡਰੱਗ ਮਾਮਲੇ ‘ਚ ਵੀ ਸ਼ਾਮਲ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਚਟੋਪਾਧਿਆਏ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਸਾਰੀਆਂ ਗੱਲਾਂ ਸਾਹਮਣੇ ਆ ਜਾਣਗੀਆਂ ਕਿ ਕਿਵੇਂ ਡੀਜੀਪੀ, ਚਰਨਜੀਤ ਚੰਨੀ ਨੂੰ ਰੇਤ ਮਾਫ਼ੀਆ ਤੋਂ ਕੰਮ ਕਰਵਾ ਕੇ ਦਿੰਦੇ ਰਹੇ ਹਨ।
ਸੁਖਬੀਰ ਨੇ ਕਿਹਾ ਕਿ ਚੰਨੀ ਦੇ ਰੇਤ ਮਾਫ਼ੀਆ ਨਾਲ ਸਬੰਧਾਂ ਦੇ ਸਟਿੰਗ ਸਾਹਮਣੇ ਆਏ ਹਨ ਤੇ ਅੱਗੇ ਵੀ ਆਉਂਦੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਚੰਨੀ ਦੇ ਰਿਸ਼ਤੇਦਾਰ ਘਰੋਂ ਪੈਸੇ ਮਿਲੇ ਹਨ। ਉਨ੍ਹਾਂ ‘ਤੇ ਅਪਰਾਧਿਕ ਕੇਸ ਦਰਜ ਹੈ ਪਰ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਵੀ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਹਨ ਪਰ ਉਨ੍ਹਾਂ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ। ਕਾਰਨ ਇਹ ਹੈ ਕਿ ਇਹ ਸਾਰੇ ਇੱਕ-ਦੂਸਰੇ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਮਜੀਠੀਆ ਖ਼ਿਲਾਫ਼ ਯੋਜਨਾ ਬਣਾ ਕੇ ਰਾਜਸੀ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਕਾਲੀ ਦਲ-ਬਸਪਾ ਦੀ ਸਰਕਾਰ ਆਉਣ ‘ਤੇ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਿਠਾਇਆ ਜਾਵੇਗਾ ਤੇ ਸਾਰੇ ਮਾਮਲੇ ਰੱਦ ਕੀਤੇ ਜਾਣਗੇ। ਪਾਰਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਬੇਅਦਬੀਆਂ ਦਾ ਸਿੱਧਾ ਫਾਇਦਾ ਕਾਂਗਰਸ ਨੂੰ ਹੋਇਆ ਹੈ।
ਸੁਖਬੀਰ ਹੀ ਹੋਣਗੇ ਅਕਾਲੀ-ਬਸਪਾ ਲਈ ਮੁੱਖ ਮੰਤਰੀ ਦਾ ਚਿਹਰਾ: ਗਰੇਵਾਲ
ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮੁੱਖ ਮੰਤਰੀ ਦੇ ਚਿਹਰੇ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੀ ਸ਼ਾਮਲ ਸਨ।
ਕਾਂਗਰਸੀ ਕੌਂਸਲਰ ਤੇ ਮੁਸਲਿਮ ਆਗੂ ਅਕਾਲੀ ਦਲ ਵਿੱਚ ਸ਼ਾਮਲ
ਅਮਲੋਹ (ਰਾਮ ਸਰਨ ਸੂਦ): ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਂਦੇ ਹੀ ਅਕਾਲੀ-ਬਸਪਾ ਵਰਕਰਾਂ ‘ਤੇ ਹੋਈਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਅਮਲੋਹ ਤੋਂ ਅਕਾਲੀ-ਬਸਪਾ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਹਲਕੇ ਵਿੱਚ ਕਰਵਾਏ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਮਲੋਹ ਦੀ ਕਾਂਗਰਸੀ ਕੌਂਸਲਰ ਰਾਜਵਿੰਦਰ ਕੌਰ, ਸੀਨੀਅਰ ਕਾਂਗਰਸ ਆਗੂ ਬਹਾਦਰ ਸਿੰਘ ਅਮਲੋਹ ਅਤੇ ਮੁਸਲਿਮ ਆਗੂ ਮੁਹੰਮਦ ਤਰੀਖ ਉਰਫ਼ ਸਿੰਪਲ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ।