ਹਰਜੋਤ ਬੈਂਸ ਵੱਲੋਂ ‘ਸਾਡਾ ਵਿਧਾਇਕ, ਸਾਡੇ ਵਿੱਚ’ ਮੁਹਿੰਮ ਸ਼ੁਰੂ

ਹਰਜੋਤ ਬੈਂਸ ਵੱਲੋਂ ‘ਸਾਡਾ ਵਿਧਾਇਕ, ਸਾਡੇ ਵਿੱਚ’ ਮੁਹਿੰਮ ਸ਼ੁਰੂ


ਜਗਮੋਹਨ ਸਿੰਘ

ਘਨੌਲੀ, 26 ਮਾਰਚ

ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਆਪਣੇ ਪਿੰਡ ਆਲੋਵਾਲ ਤੋਂ ‘ਸਾਡਾ ਵਿਧਾਇਕ, ਸਾਡੇ ਵਿੱਚ’ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਪਿੰਡ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਦਾ ਵੀ ਜਾਇਜ਼ਾ ਲਿਆ। ਪਿੰਡ ਵਾਸੀਆਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਆਲੋਵਾਲ ਦੇ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀਆਂ ਦੋ ਅਸਾਮੀਆ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਇੱਕ ਸਿੱਖਿਆ ਵਾਲੰਟੀਅਰ ਹੀ ਸਕੂਲ ਚਲਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਹੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਪੂੁਰੀ ਕੀਤੀ ਜਾਵੇ।

ਸ੍ਰੀ ਬੈਂਸ ਨੇ ਕਿਹਾ ਕਿ ਸਿੱਖਿਆ ਵਿੱਚ ਸੁਧਾਰ ਲਿਆਉਣਾ ‘ਆਪ’ ਦਾ ਮੁੱਖ ਏਜੰਡਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਕੂਲਾਂ ਤੇ ਵਿੱਦਿਅਕ ਢਾਂਚੇ ਵਿੱਚ ਪਹਿਲ ਦੇ ਆਧਾਰ ‘ਤੇ ਸੁਧਾਰ ਲਿਆਂਦਾ ਜਾਵੇਗਾ। ਇਸ ਉਪਰੰਤ ਉਨ੍ਹਾਂ ਭਰਤਗੜ੍ਹ ਵਿੱਚ ਵੀ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ਸ੍ਰੀ ਬੈਂਸ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਉਹ ਹਲਕੇ ਦੇ ਹਰ ਪਿੰਡ zwnj;ਵਿੱਚ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਯਤਨ ਕਰਨਗੇ।



Source link