ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਪਰੈਲ
ਮੁੱਖ ਅੰਸ਼
- ‘ਆਪ’ ਸੁਪਰੀਮੋ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ਸਿਸੋਦੀਆ, ਵਿੱਤ ਮੰਤਰੀ ਚੀਮਾ ਤੇ ਉੱਚ ਅਧਿਕਾਰੀ ਰਹੇ ਮੌਜੂਦ
- ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਜਲਦੀ ਖ਼ੁਸ਼ਖਬਰੀ ਦੇਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਆਪਣੇ ਹਮਰੁਤਬਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਇਹ ਮੀਟਿੰਗ ਢਾਈ ਘੰਟੇ ਦੇ ਕਰੀਬ ਚੱਲੀ। ਮਾਨ ਨੇ ਮਗਰੋਂ ਟਵੀਟ ਕਰਕੇ ਕੇਜਰੀਵਾਲ ਨਾਲ ਹੋਈ ਮੀਟਿੰਗ ਨੂੰ ਸਫਲ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਖ਼ੁਸ਼ਖਬਰੀ ਮਿਲੇਗੀ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਕਾਬਿਲੇਗੌਰ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸੋਮਵਾਰ ਨੂੰ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ ਸੀ, ਜਿਸ ਮਗਰੋਂ ਪੰਜਾਬ ‘ਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, ”ਸਾਡੇ ਲੀਡਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।” ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਨ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ, ”ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਲੋਕ ਸਿਆਸੀ ਪਾਰਟੀਆਂ ਦੇ ਗੰਦੇ ਅਤੇ ਭ੍ਰਿਸ਼ਟ ਤਰੀਕਿਆਂ ਤੋਂ ਬਹੁਤ ਪ੍ਰੇਸ਼ਾਨ ਹਨ। ਸਾਨੂੰ ਲੋਕਾਂ ਲਈ ਦਿਨ-ਰਾਤ ਕੰਮ ਕਰਨਾ ਪਵੇਗਾ।” ਸੂਤਰਾਂ ਮੁਤਾਬਕ ਦੋਵਾਂ ਆਗੂਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਅਹਿਮ ਵਾਅਦਿਆਂ, ਜਿਨ੍ਹਾਂ ਵਿੱਚ 300 ਯੂਨਿਟ ਬਿਜਲੀ ਮੁਫ਼ਤ ਕਰਨ ਤੇ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਸ਼ਾਮਲ ਸੀ, ਬਾਰੇ ਚਰਚਾ ਕੀਤੀ। ਇਨ੍ਹਾਂ ਵਾਅਦਿਆਂ ਨਾਲ ਪੰਜਾਬ ਦੇ ਖ਼ਜ਼ਾਨੇ ਉਪਰ ਪੈਣ ਵਾਲੇ ਬੋਝ ਅਤੇ ਉਸ ਦੀ ਭਰਪਾਈ ਲਈ ਤੌਰ-ਤਰੀਕਿਆਂ ਬਾਰੇ ਵੀ ਬੈਠਕ ਵਿੱਚ ਚਰਚਾ ਕੀਤੀ ਗਈ। ਹਰ ਘਰ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਮੁਹੱਈਆ ਕਰਵਾਉਣਾ, ਬੇਰੁਜ਼ਗਾਰੀ ਘਟਾਉਣਾ ਅਤੇ ਹਰ ਔਰਤ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਵੱਲੋਂ ਕੀਤੇ ਗਏ ਕੁਝ ਵੱਡੇ ਵਾਅਦੇ ਹਨ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿੱਚ ਪੰਜਾਬ ਦੇ ਕਈ ਉੱਚ ਅਧਿਕਾਰੀ ਦੀ ਮੌਜੂਦਗੀ ਨੇ ‘ਆਪ’ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪੰਜਾਬ ਰਾਜ ਬਿਜਲੀ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਸਿਖਰਲੇ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਨਾਲ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਕੀਤੇ ਜਾਣ ਕਰਕੇ ਆਉਣ ਵਾਲੀਆਂ ਪੇਚੀਦਗੀਆਂ ‘ਤੇ ਚਰਚਾ ਕੀਤੀ ਗਈ।
ਪੰਜਾਬ ਦੇ ਅਧਿਕਾਰੀ ਦਿੱਲੀ ਸੱਦਣੇ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸਿਰਸਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਲੀ ਸੱਦ ਕੇ ਸੰਵਿਧਾਨ ਦੀ ਖਿਲਾਫ਼ਵਰਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਚੁਣੇ ਹੋਏ 92 ‘ਆਪ’ ਵਿਧਾਇਕਾਂ ਨੂੰ ਨਾਲਾਇਕ ਸਾਬਤ ਕਰਨਾ ਚਾਹੁੰਦੇ ਹਨ ਅਤੇ ਇਹ ਪੰਜਾਬ ਦੀ ਗ਼ੈਰਤ ਨੂੰ ਚੁਣੌਤੀ ਹੈ। ਪੰਜਾਬ ਦਾ ਆਪਣੇ ਪਾਣੀਆਂ ਤੇ ਐੱਸਵਾਈਐੱਲ ਦੇ ਮੁੱਦੇ ‘ਤੇ ਦਿੱਲੀ ਨਾਲ ਸਿੱਧਾ ਟਕਰਾਅ ਹੈ। ਉਨ੍ਹਾਂ ਕਿਹਾ ਕਿ ਭਲਕੇ ਸ੍ਰੀ ਕੇਜਰੀਵਾਲ ਕੋਈ ਅਜਿਹਾ ਫ਼ੈਸਲਾ ਕਰ ਦੇਣਗੇ ਤਾਂ ਭਗਵੰਤ ਮਾਨ ਆਖਣਗੇ ‘ਮੈਨੂੰ ਤਾਂ ਪਤਾ ਨਹੀਂ ਲੱਗਾ, ਅਧਿਕਾਰੀਆਂ ਨੇ ਫ਼ੈਸਲਾ ਕਰ ਦਿੱਤਾ ਹੋਵੇਗਾ’। ਉਨ੍ਹਾਂ ਸਵਾਲ ਕੀਤਾ, ‘ਕੀ ਭਗਵੰਤ ਮਾਨ ਪੰਜਾਬ ਵਿੱਚ ਇਹੀ ਦਿੱਲੀ ਮਾਡਲ ਲਾਗੂ ਕਰਨਗੇ?’ ਸਿਰਸਾ ਨੇ ਕਿਹਾ ਕਿ ਇਹ ਹੋ ਨਹੀਂ ਸਕਦਾ, ਇਸ ਲਈ ਕੇਜਰੀਵਾਲ ਤੇ ਭਗਵੰਤ ਮਾਨ ਮੁਆਫ਼ੀ ਮੰਗਣ।
ਕਿਸੇ ਨੂੰ ਉਚੇਚੇ ਤੌਰ ‘ਤੇ ਨਹੀਂ ਸੱਦਿਆ
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਵਿਚਲੇ ਸੂਤਰਾਂ ਨੇ ਕਿਹਾ ਕਿ ਅਸਲ ਵਿਚ ਦਿੱਲੀ ਤੇ ਪੰਜਾਬ ਦੇ ਅਧਿਕਾਰੀਆਂ ਦੇ ਵੱਖ ਵੱਖ ਖੇਤਰਾਂ ਵਿਚ ਆਪਸੀ ਤਜਰਬੇ ਨੂੰ ਸਾਂਝਾ ਕਰਨ ਲਈ ਪੰਜਾਬ ਵਿਚ ਵੀ ਮੀਟਿੰਗਾਂ ਹੋਈਆਂ ਹਨ। ਸੂਤਰਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਅਧਿਕਾਰੀ ਕੇਂਦਰੀ ਵਜ਼ੀਰਾਂ ਤੇ ਅਧਿਕਾਰੀਆਂ ਨਾਲ ਪਹਿਲਾਂ ਹੀ ਕੋਲੇ ਦੇ ਮੁੱਦੇ ‘ਤੇ ਮੀਟਿੰਗਾਂ ਕਰਨ ਵਾਸਤੇ ਪੁੱਜੇ ਹੋਏ ਸਨ ਤੇ ਇਨ੍ਹਾਂ ਨੂੰ ਉਚੇਚੇ ਤੌਰ ‘ਤੇ ਦਿੱਲੀ ਨਹੀਂ ਸੱਦਿਆ ਗਿਆ।
ਕੇਂਦਰ ਦੀ ਟੀਮ ਪੰਜਾਬ ਆਏਗੀ: ਸਕੱਤਰ
ਕੇਂਦਰ ਸਰਕਾਰ ਦੀ ਟੀਮ ਭਲਕੇ ਪੰਜਾਬ ‘ਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਆ ਸਕਦੀ ਹੈ। ਖ਼ੁਰਾਕ ਤੇ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਬੀਤੇ ਦਿਨ ਹੀ ਕੇਂਦਰ ਨੂੰ ਮਾਪਦੰਡਾਂ ਵਿੱਚ ਛੋਟ ਲਈ ਪੱਤਰ ਲਿਖ ਦਿੱਤਾ ਸੀ ਅਤੇ ਅੱਜ ਕੇਂਦਰੀ ਫੂਡ ਸਕੱਤਰ ਨਾਲ ਗੱਲ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਭਲਕੇ ਪੰਜਾਬ ਵਿਚ ਟੀਮ ਜਾਇਜ਼ਾ ਲੈਣ ਲਈ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨਾਲ ਭਲਕੇ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਭਾਰਤੀ ਖ਼ੁਰਾਕ ਨਿਗਮ ਨੇ ਇੱਕਾ-ਦੁੱਕਾ ਥਾਵਾਂ ‘ਤੇ ‘ਸਿੱਧੀ ਡਲਿਵਰੀ’ ਲੈਣ ‘ਤੇ ਇਤਰਾਜ਼ ਕੀਤਾ ਹੈ।
ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਨਾਲ ਮੁਲਾਕਾਤਾਂ ਕੀਤੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਦੀ ਕੌਮੀ ਆਗੂਆਂ ਨਾਲ ਇਹ ਸ਼ਿਸ਼ਟਾਚਾਰਕ ਮੁਲਾਕਾਤ ਸੀ। ਮਾਨ ਪਹਿਲਾਂ ਰਾਸ਼ਟਰਪਤੀ ਕੋਵਿੰਦ ਨੂੰ ਮਿਲੇ ਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਮਗਰੋਂ ਉਹ ਉਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਨੂੰ ਮਿਲਣ ਗਏ। ਦੋਵੇਂ ਮੁਲਾਕਾਤਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।
ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆਈ ‘ਆਪ’ ਸਰਕਾਰ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਉੱਚ ਅਫ਼ਸਰਾਂ ਨਾਲ ਮੀਟਿੰਗ ਮਗਰੋਂ ਸੂਬੇ ਦੇ ਪ੍ਰਮੁੱਖ ਸਿਆਸੀ ਆਗੂਆਂ ਹੱਥ ‘ਆਪ’ ਸਰਕਾਰ ਨੂੰ ਘੇਰਨ ਦਾ ਮੌਕਾ ਲੱਗ ਗਿਆ ਹੈ। ‘ਆਪ’ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਰਣਨੀਤੀ ਤਿਆਰ ਕਰਨ ਵਾਸਤੇ ਪੰਜਾਬ ਦੇ ਅਧਿਕਾਰੀ ਦਿੱਲੀ ਸੱਦੇ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਸਵਾਲ ਕੀਤਾ ਕਿ ਅਰਵਿੰਦ ਕੇਜਰੀਵਾਲ ਨੇ ਕਿਸ ਮਾਮਲੇ ‘ਤੇ ਅਤੇ ਕਿਸ ਅਧਿਕਾਰ ਨਾਲ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦਿੱਲੀ ਵਿਚ ਕੀਤੀ ਹੈ। ਵੜਿੰਗ ਨੇ ਕਿਹਾ ਕਿ ਇਹ ਗ਼ਲਤ ਪਿਰਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ (ਭਗਵੰਤ ਮਾਨ) ਨੇ ਸਿਰ ਤਾਂ ਝੁਕਾਅ ਹੀ ਦਿੱਤਾ ਸੀ, ਕੀ ਹੁਣ ਮੱਥਾ ਵੀ ਟੇਕ ਦਿੱਤਾ ਹੈ। ਇਕ ਹੋਰ ਟਵੀਟ ਵਿੱਚ ਵੜਿੰਗ ਨੇ ਕਿਹਾ ‘ਕੀ ਹੁਣ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਸਕੱਤਰ ਬਿਜਲੀ ਦਲੀਪ ਕੁਮਾਰ, ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਸਣੇ ਹੋਰ ਉੱਚ ਅਧਿਕਾਰੀ ਦਿੱਲੀ ਦਰਬਾਰ ਵਿੱਚ ਹਾਜ਼ਰੀ ਲਗਵਾਉਣਗੇ।’ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਨਾਮ ਦੇ ਹੀ ਮੁਖੀਆ ਹਨ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੰਡੀਗੜ੍ਹੋਂ ਨਹੀਂ ਬਲਕਿ ਦਿੱਲੀ ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਸੱਦ ਕੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ‘ਤੇ ਅਸਲ ਕੰਟਰੋਲ ਕਿਸ ਦਾ ਹੈ। ਉਨ੍ਹਾਂ ਕਿਹਾ ਕਿ ਇਹ ਗੈਰ-ਸੰਵਿਧਾਨਕ ਕਾਰਵਾਈ ਹੈ। ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਤਲਬ ਕੀਤੇ ਜਾਣ ਤੋਂ ਸਾਫ਼ ਹੈ ਕਿ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿਚ ਹੈ।
ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਅਤੇ ਪੰਜਾਬੀਆਂ ਦੇ ਮਾਣ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ। ਉਧਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਸੰਭਾਲ ਲਈ ਹੈ, ਜਿਸ ਤਰ੍ਹਾਂ ਕਿਆਸ ਕੀਤਾ ਜਾ ਰਿਹਾ ਸੀ। ਕੈਪਟਨ ਨੇ ਕਿਹਾ ਕਿ ਇਹ ਵੀ ਪਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਰਬੜ ਦੀ ਮੋਹਰ ਹਨ, ਜੋ ਹੁਣ ਸਾਬਤ ਹੋ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਹਰਲੇ ਲੋਕਾਂ ਵੱਲੋਂ ਪੰਜਾਬ ਦੇ ਖੇਤਰ ਵਿੱਚ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਥਿਤੀ ਸਪਸ਼ਟ ਕਰਦੇ ਹੋਏ ਆਪਣੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਸਖਤ ਆਦੇਸ਼ ਜਾਰੀ ਕਰਨੇ ਚਾਹੀਦੇ ਹਨ। ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸ ਅਧਿਕਾਰ ਨਾਲ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਅਧਿਕਾਰਾਂ ਅਤੇ ਲੋਕਾਂ ਨਾਲ ਧੋਖਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਨਾ ਗੈਰ-ਸੰਵਿਧਾਨਕ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਾਰੇ ਤਾਂ ਸੁਣਿਆ ਸੀ ਪਰ ਹੁਣ ਦਿੱਲੀ ਦੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨੂੰ ਅੱਖੀਂ ਦੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਕੀ ਪੰਜਾਬੀਆਂ ਨੂੰ ਇਸੇ ਬਦਲਾਅ ਦੀ ਉਡੀਕ ਸੀ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।