ਮੁੱਖ ਅੰਸ਼
- ਮੁਹੱਲਾ ਕਲੀਨਿਕਾਂ ਦਾ ਵੀ ਕੀਤਾ ਦੌਰਾ
- ਬੱਚਿਆਂ ਅਤੇ ਮਰੀਜ਼ਾਂ ਤੋਂ ਲਈ ਸਹੂਲਤਾਂ ਬਾਰੇ ਜਾਣਕਾਰੀ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ‘ਚ ‘ਦਿੱਲੀ ਮਾਡਲ’ ਅਪਣਾਉਣ ਲਈ ਤਿਆਰ ਹੈ ਜਿੱਥੇ ਕਮਜ਼ੋਰ ਆਰਥਿਕ ਪਿਛੋਕੜ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਮਿਆਰੀ ਸਿੱਖਿਆ ਹਾਸਲ ਕਰਨ ਦਾ ਬਰਾਬਰ ਦਾ ਅਧਿਕਾਰ ਹੋਵੇਗਾ। ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਥੋਂ ਦੇ ਵਿਦਿਅਕ ਅਦਾਰਿਆਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ‘ਦਿੱਲੀ ਮਾਡਲ’ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਆਗੂ ਰਾਘਵ ਚੱਢਾ ਵੀ ਮੌਜੂਦ ਸਨ। ਭਗਵੰਤ ਮਾਨ ਨੇ ਕਾਲਕਾਜੀ ਵਿਖੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ ਦਾ ਦੌਰਾ ਕੀਤਾ। ਉਨ੍ਹਾਂ ਚਿਰਾਗ ਐਨਕਲੇਵ ਸਥਿਤ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ ਵੀ ਕੀਤਾ। ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਗਲੇ ਪੱਧਰ ਦੀ ਸਿੱਖਿਆ ਹੈ ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਸਰਕਾਰੀ ਸਕੂਲਾਂ ਨੇ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ,”ਦਿੱਲੀ ਦੇ ਸਕੂਲਾਂ ‘ਚ ਡਿਜੀਟਲ ਸਿੱਖਿਆ ਹੋ ਰਹੀ ਹੈ। ਵੱਡੀਆਂ ਕੰਪਨੀਆਂ ਨਾਲ ਸਹਿਯੋਗ ਕੀਤਾ ਗਿਆ ਹੈ। ਮੈਂ ਅਮਰੀਕਾ ਅਤੇ ਕੈਨੇਡਾ ਵਿੱਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ ਵਿੱਚ ਇਥੇ ਪਹਿਲੀ ਵਾਰ ਦੇਖ ਰਿਹਾ ਹਾਂ।” ਪੰਜਾਬ ਦੇ ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਾਂ ਵੀ ਕੀਤੀਆਂ ਅਤੇ ਉਹ ਵਿਦਿਆਰਥੀਆਂ ਦੇ ਉਤਸ਼ਾਹ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਇਕ ਕਲਾਸਰੂਮ ਵਿਚ ਕਾਗਜ਼ ਰਹਿਤ ਪੜ੍ਹਾਈ ਹੁੰਦੀ ਦੇਖ ਕੇ ਉਹ ਪ੍ਰਭਾਵਿਤ ਹੋਏ ਹਨ ਜਿੱਥੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੈਪਟਾਪ ਰਾਹੀਂ ਪੜ੍ਹਾਇਆ ਜਾ ਰਿਹਾ ਸੀ। ਇਸੇ ਤਰ੍ਹਾਂ ਇਕ ਹੋਰ ਕਲਾਸ ਵਿਚ ਸਾਰੇ ਵਿਦਿਆਰਥੀ ਆਪੋ-ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਇਕਾਗਰਚਿੱਤ ਬੈਠੇ ਸਨ ਜਿੱਥੇ ਉਨ੍ਹਾਂ ਨੂੰ ਬਾਹਰੋਂ ਕੁਝ ਮਾਹਿਰ ਆਨਲਾਈਨ ਪੜ੍ਹਾ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਤਾਲੀਮ ਦੇਣ ਵਾਲੇ ਆਧੁਨਿਕ ਤਕਨੀਕਾਂ ਨਾਲ ਲੈਸ ਇਹ ਯੰਤਰ ਪੰਜਾਬ ਦੇ ਸਕੂਲਾਂ ਵਿਚ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਡਿਜੀਟਲ ਢੰਗ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਪੰਜਾਬ ਤੋਂ ਉਚੇਰੀ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਰੁਝਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸੂਬੇ ਭਰ ਵਿੱਚ ਅਜਿਹੇ ਸਕੂਲ ਬਣਾਉਣ ਨਾਲ ਨੌਜਵਾਨਾਂ ਦਰਮਿਆਨ ਇਹ ਪ੍ਰਵਿਰਤੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿਹਾ ਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਅਜਿਹੇ ਸਕੂਲ ਬਣਾਉਣ ਲਈ ਕਾਫੀ ਥਾਂ ਮੌਜੂਦ ਹੈ। ਵਿਦਿਆਰਥੀਆਂ ਨੇ ਭਗਵੰਤ ਮਾਨ ਨੂੰ ਦੱਸਿਆ ਕਿ ਉੁਨ੍ਹਾਂ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ‘ਚ ਦਾਖ਼ਲਾ ਲਿਆ ਹੈ ਕਿਉਂਕਿ ਉਨ੍ਹਾਂ ਨੂੰ ਇੱਥੇ ਜ਼ਿਆਦਾ ਸਹੂਲਤਾਂ ਮਿਲਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ। ‘ਪੰਜਾਬ ਵਿੱਚ ਵੀ ਇਸੇ ਮਾਡਲ ਨੂੰ ਦੁਹਰਾਇਆ ਜਾਵੇਗਾ ਜਿੱਥੇ ਅਮੀਰ ਜਾਂ ਗਰੀਬ ਪਿਛੋਕੜ ਵਾਲੇ ਵਿਦਿਆਰਥੀ ਇਕੱਠੇ ਮਿਆਰੀ ਸਿੱਖਿਆ ਪ੍ਰਾਪਤ ਕਰਨਗੇ।’ ਬਾਅਦ ਵਿੱਚ ਮਾਨ ਅਤੇ ਕੇਜਰੀਵਾਲ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਾਲ ਕੋਟਿੱਲਿਆ ਸਰਕਾਰੀ ਸਰਵੋਧਿਆ ਬਾਲ ਵਿਦਿਆਲਿਆ, ਚਿਰਾਗ ਐਨਕਲੇਵ ਵਿਖੇ ਨਵੇਂ ਬਣੇ ਸਵੀਮਿੰਗ ਪੂਲ ਦਾ ਉਦਘਾਟਨ ਵੀ ਕੀਤਾ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਿਹਤ ਅਤੇ ਵਿਦਿਅਕ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਲਈ ਦਿੱਲੀ ਸਰਕਾਰ ਨਾਲ ਸਮਝੌਤਿਆਂ (ਐੱਮਓਯੂ) ਉੱਤੇ ਦਸਤਖ਼ਤ ਕਰ ਸਕਦੀ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ,”ਆਓ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰੀਏ।” ਉਨ੍ਹਾਂ ਕਿਹਾ ਕਿ ਇੱਕ-ਦੂਜੇ ਤੋਂ ਸਿਖ ਕੇ ਹੀ ਦੇਸ਼ ਅੱਗੇ ਵਧੇਗਾ। ਪੰਜਾਬ ਦੇ ਮੁੱਖ ਮੰਤਰੀ ਨੇ ਮੁਹੱਲਾ ਕਲੀਨਿਕਾਂ ਦੇ ਦੌਰੇ ਦੌਰਾਨ ਕਿਹਾ ਕਿ ਦਿੱਲੀ ਦੇ ਮਾਡਲ ਤੋਂ ਸਿੱਖ ਕੇ ਉਸ ਨੂੰ ਸੂਬੇ ‘ਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਗੂੰਜ ਪੂਰੀ ਦੁਨੀਆ ‘ਚ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇੱਕ ਮੁਹੱਲਾ ਕਲੀਨਿਕ ਵਿੱਚ ਮਰੀਜ਼ਾਂ ਨੇ ਮਾਨ ਨੂੰ ਦੱਸਿਆ ਕਿ ਡਾਕਟਰ ਨੂੰ ਮਿਲਣ ਅਤੇ ਦਵਾਈਆਂ ਲੈਣ ਲਈ ਇਕ ਮਰੀਜ਼ ਨੂੰ ਮਸਾਂ 10 ਮਿੰਟ ਦਾ ਸਮਾਂ ਲਗਦਾ ਹੈ। ਉਨ੍ਹਾਂ ਕਿਹਾ ਕਿ ਕੋਈ ਕਿਸੇ ਵੀ ਰਾਜ ਤੋਂ ਹੋਵੇ, ਉਹ ਇਨ੍ਹਾਂ ਸਿਹਤ ਸਹੂਲਤਾਂ ਦਾ ਲਾਭ ਲੈਂਦਿਆਂ ਮੁਫ਼ਤ ‘ਚ ਇਲਾਜ ਕਰਵਾ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ‘ਆਮ ਆਦਮੀ ਮੁਹੱਲਾ ਕਲੀਨਿਕਾਂ’ ਵਿੱਚ ਆਉਣ ਵਾਲੇ 95 ਪ੍ਰਤੀਸ਼ਤ ਮਰੀਜ਼ ਸੇਵਾਵਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਭ ਤੋਂ ਪੌਸ਼ ਖੇਤਰ ਗ੍ਰੇਟਰ ਕੈਲਾਸ਼ ਵਿੱਚ ਦੋ ਮੁਹੱਲਾ ਕਲੀਨਿਕ ਖੋਲ੍ਹੇ ਗੲੇ ਹਨ ਅਤੇ ਬਹੁਤ ਸਾਰੇ ਅਮੀਰ ਮਰੀਜ਼ ਵੀ ਇਨ੍ਹਾਂ ਕੇਂਦਰਾਂ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਦੇਖਭਾਲ ਹੋਰ ਕਿਤੇ ਨਹੀਂ ਮਿਲਦੀ ਹੈ। ਭਗਵੰਤ ਮਾਨ ਨੇ ਦਿਲਸ਼ਾਦ ਗਾਰਡਨ ਸਥਿਤ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਦੌਰੇ ਦੌਰਾਨ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦਾ ਜਾਇਜ਼ਾ ਲਿਆ। ਇਸ ਦੌਰਾਨ ਡਾਕਟਰਾਂ ਨੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਜਿਸ ਤੋਂ ਬਾਅਦ ਉਨਾਂ ਨੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਹਸਪਤਾਲ ਦੇ ਐਮਰਜੈਂਸੀ ਸੇਵਾਵਾਂ ਵਿੰਗ ਦਾ ਉਦਘਾਟਨ ਵੀ ਕੀਤਾ।
ਸੂਬੇ ਦੇ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਮੁੱਖ ਮੰਤਰੀ: ਚੀਮਾ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਸੱਦ ਕੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਮਾਡਲ ਦੀ ਜਾਣਕਾਰੀ ਦੇਣਾ ਸ਼ਲਾਘਯੋਗ ਕਦਮ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਹੀ ਸ੍ਰੀ ਮਾਨ ਨੂੰ ਸਲਾਹ ਦਿੱਤੀ ਸੀ ਕਿ ਉਹ ਪੰਜਾਬ ਦੇ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਤਾਂ ਜੋ ਉਨ੍ਹਾਂ ਨੂੰ ਇਹ ਸਮਝ ਆ ਸਕੇ ਕਿ ਪਿਛਲੇ ਪੰਜ ਸਾਲਾਂ ਦੇ ਕਾਂਗਰਸ ਦੇ ਰਾਜਕਾਲ ਦੌਰਾਨ ਇਨ੍ਹਾਂ ਸਕੂਲਾਂ ਨੂੰ ਅਣੌਗਲਿਆ ਕਰਨ ਨਾਲ ਹੋਏ ਨੁਕਸਾਨ ਨੁੰ ਦਰੁਸਤ ਕੀਤਾ ਜਾ ਸਕੇ। ਡਾ. ਚੀਮਾ ਨੇ ਆਖਿਆ ਕਿ ਮੁੱਖ ਮੰਤਰੀ ਆਪਣੇ ਅਫ਼ਸਰਾਂ ਨੂੰ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਦੌਰਾ ਕਰਾਉਣ ਤਾਂ ਜੋ ਸਕੂਲਾਂ ਦੀ ਸਥਾਪਨਾ ਪਿਛਲੇ ਫਲਸਫੇ ਨੂੰ ਸਮਝਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਇਹ ਸਮਝ ਆ ਜਾਵੇਗਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀ ਗਈ ਪਹਿਲਕਦਮੀ ਹੁਣ ਹੋਰ ਰਾਜਾਂ ਵਿਚ ਪਸਰ ਗਈ ਹੈ।
ਦਿੱਲੀ ਦੇ ਦਾਅਵੇ ਦੀ ਕੇਰਲਾ ਨੇ ਪੋਲ ਖੋਲ੍ਹੀ: ਵੜਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਹੈ ਕਿ ਲੱਗਦਾ ਹੈ ਕਿ ਭਗਵੰਤ ਮਾਨ ਦਿੱਲੀ ਦੇ ਕੋਵਿਡ-19 ਦਾ ਖ਼ੌਫ਼ਨਾਕ ਮੰਜ਼ਰ ਭੁੱਲ ਗਏ ਹਨ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੌਰੇ ਨੂੰ ਲੈ ਕੇ ਇਹ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਆਕਸੀਜਨ ਲਈ ਤਰਸਾ ਦਿੱਤਾ ਸੀ। ਵੜਿੰਗ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦਾ ਇੱਕ ਹੋਰ ਝੂਠ ਫੜਿਆ ਗਿਆ ਹੈ ਕਿਉਂਕਿ ਕੇਰਲਾ ਦੇ ਮੰਤਰੀ ਨੇ ‘ਆਪ’ ਸਰਕਾਰ ਦੇ ਉਸ ਦਾਅਵੇ ਨੂੰ ਰੱਦ ਕਰ ਿਦੱਤਾ ਹੈ ਕਿ ਕੇਰਲਾ ਸਰਕਾਰ ਨੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਦੇਖਣ ਲਈ ਵਫ਼ਦ ਭੇਜਿਆ ਸੀ।