ਸਤਿਆ ਪ੍ਰਕਾਸ਼
ਨਵੀਂ ਦਿੱਲੀ, 10 ਮਈ
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ, 1985 ਤਹਿਤ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਅੱਜ ਇਥੇ ਸੁਣਵਾਈ ਦੌਰਾਨ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ ਇੱਥੇ ਧਾਰਾ 32 ਦੇ ਤਹਿਤ ਰਿੱਟ ਪਟੀਸ਼ਨ ਕਿਉਂ? ਤੁਹਾਡੇ ਕੋਲ ਹੋਰ ਵੀ ਰਾਹ ਹਨ। ਕੀ ਤੁਸੀਂ ਹਾਈ ਕੋਰਟ ਨਹੀਂ ਜਾ ਸਕਦੇ?’ ਸਿਖਰਲੀ ਅਦਾਲਤ ਨੇ ਕਿਹਾ ਕਿ ਪਟੀਸ਼ਨਰ ਮਜੀਠੀਆ ਐੱਫਆਈਆਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦਾ ਹੈ ਅਤੇ ਇਸ ਦੀ ਸੁਣਵਾਈ ਡਿਵੀਜ਼ਨ ਬੈਂਚ ਦੁਆਰਾ ਕੀਤੀ ਜਾ ਸਕਦੀ ਹੈ।